Punjab News: ਵਿਧਾਨ ਸਭਾ ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਪੈਂਦੇ ਪਿੰਡ ਬਹਾਦਰਪੁਰ ਵਾਸੀ ਜਗਜੋਤ ਸਿੰਘ (30) ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਲੜਕੇ ਜਗਜੋਤ ਸਿੰਘ ਨੂੰ 2017 ਵਿੱਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ 28 ਅਗਸਤ ਨੂੰ ਡਾਊਨਟਾਊਨ ਐਲ.ਏ. ਵਿੱਚ ਇੱਕ ਭਿਆਨਕ ਹਾਦਸੇ ਵਿੱਚ ਜਗਜੋਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸੜਕ ਹਾਦਸੇ ਤੋਂ ਬਾਅਦ ਉਸ ਨੂੰ ਐਲਏ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮੰਦਭਾਗੀ ਘਟਨਾ ਬਾਰੇ ਉਸ ਨੂੰ ਕੱਲ੍ਹ ਅਮਰੀਕਾ ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ।ਪਰਿਵਾਰਕ ਮੈਂਬਰਾਂ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, 2 ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਸ ਦੇ ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।