Parkash singh badal Death: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਅੰਤ ਹੋ ਗਿਆ ਹੈ। ਇਨ੍ਹਾਂ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ ਹੈ। ਅਜਿਹੇ ਸਿਆਸਤਦਾਨਾਂ ਦੀ ਪੂਰੇ ਭਾਰਤ ਅੰਦਰ ਕਮੀ ਰੜਕੇਗੀ ਜੋ ਜ਼ਮੀਨ ਨਾਲ ਜੁੜੇ ਹੋਣ ਲੋਕ ਮੁੱਦਿਆਂ ਦੀ ਗੱਲ ਕਰਦੇ ਹੋਣ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਦਾਰ ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਦਾਰ ਬਾਦਲ ਨੇ ਪੰਜਾਬ ਦੇ ਹੱਕਾਂ ਤੇ ਹਿਤਾਂ ਲਈ ਲੰਬਾ ਸਮਾਂ ਜੇਲ੍ਹ ਕੱਟੀ। ਉਹ ਕਿਸਾਨਾਂ ਦੇ ਤਰਜ਼ਮਾਨ ਅਤੇ ਪੰਥਕ ਤੇ ਸਿੱਖ ਸਿਆਸਤ ਦੇ ਮੋਹਰੀ ਆਗੂ ਸਨ। ਕਈ ਦਹਾਕੇ ਰਾਜਨੀਤੀ ਵਿਚ ਬਣੇ ਰਹਿਣਾ ਅਤੇ ਅਕਾਲੀ ਸਿਆਸਤ ਨੂੰ ਅਗਵਾਈ ਦੇਣਾ ਉਨ੍ਹਾਂ ਦਾ ਹਾਸਲ ਆਖਿਆ ਜਾ ਸਕਦਾ ਹੈ।ਸਰਦਾਰ ਬਾਦਲ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਸੁਖਬੀਰ ਸਿੰਘ ਬਾਦਲ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪੰਜਾਬ ਲਈ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।