Punjab News: ਸਿੱਖ ਕੌਮ ਦੇ ਲਾਸਾਨੀ ਸ਼ਹੀਦ, ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ, ਅੰਮ੍ਰਿਤ ਸੰਚਾਰ ਸਮਾਗਮ ਕੀਤਾ ਗਿਆ ਹੈ ਅਤੇ ਦੇਰ ਰਾਤ ਤੱਕ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਅੱਜ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਦਰਸ਼ਨ ਕਰਨ ਪੁੱਜੇ। ਬੀਤੀ ਦੇਰ ਰਾਤ ਸ਼ਰਧਾਲੂਆਂ ਵਲੋਂ ਹਰ ਸਾਲ ਵਾਂਗ ਬਹੁਤ ਵੱਡਾ ਕੇਕ, ਜੋ ਕਿ ਟਰਾਲੀ ਵਿੱਚ ਰੱਖ ਕੇ ਲਿਆਂਦਾ ਗਿਆ ਸੀ, ਬਾਬਾ ਦੀਪ ਸਿੰਘ ਜੀ ਦੇ ਜਨਮਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਚੌਂਕ ਵਿਚ ਕੱਟਿਆ ਗਿਆ।