ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੇ ਕੀਤੇ ਇਹ ਐਲਾਨ
Punjab Assembly Election 2022: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੰਜਾਬ ਡਾ. ਕਰੁਣਾ ਰਾਜੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਚੋਣਾਂ ਸਬੰਧੀ ਮਹਤੱਵਪੂਰਨ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕੁੱਲ 2 ਕਰੋੜ 9 ਲੱਖ ਵੋਟਰ ਹਨ, ਜਿਨ੍ਹਾਂ ਵਿੱਚੋਂ ਲਗਭਗ 1 ਕਰੋੜ ਔਰਤਾਂ ਹਨ। ਇਸ ਸਾਲ ਟਰਾਂਸਜੈਂਡਰ ਵੀ ਆਉਣ ਵਾਲੀਆਂ ਚੋਣਾਂ 'ਚ ਹਿੱਸਾ ਲੈਣਗੇ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਐਸ.ਐਸ.ਪੀਜ਼ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਭਗੌੜੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਹਥਿਆਰ ਰੱਖਣ ਵਾਲਿਆਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਕਰੁਣਾ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 3.8 ਲੋਕਾਂ ਕੋਲ ਹਥਿਆਰ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਸਾਲ ਮਤਦਾਨ ਲਈ ਲਗਭਗ 24,000 ਵੋਟਰ ਬੂਥ ਬਣਾਏ ਗਏ ਹਨ। ਜਾਣਕਾਰੀ ਅਨੁਸਾਰ ਕੁੱਲ 24,689 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 7,727 ਸ਼ਹਿਰੀ ਖੇਤਰਾਂ ਵਿੱਚ ਅਤੇ 16,962 ਪੇਂਡੂ ਖੇਤਰਾਂ ਵਿੱਚ ਹਨ।ਉਨ੍ਹਾਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਲਈ ਵੱਖਰੇ ਪ੍ਰਬੰਧ ਹੋਣਗੇ, ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਬਜ਼ੁਰਗਾਂ (80 ਸਾਲ ਤੋਂ ਵੱਧ ਉਮਰ ਦੇ) ਦੇ ਘਰ ਜਾਣ ਦੀ ਆਗਿਆ ਦੇਣ ਦਾ ਵੀ ਪ੍ਰਬੰਧ ਕੀਤਾ ਹੈ, ਜੋ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ 'ਤੇ ਨਹੀਂ ਜਾ ਸਕਦੇ। -PTC News