ਕੋਰੋਨਾ ਵਾਇਰਸ ਦੇ 25.8 ਫ਼ੀਸਦੀ ਮਾਮਲੇ ਵਧੇ, ਪਿਛਲੇ 24 ਘੰਟਿਆਂ 'ਚ ਆਏ 16,047 ਕੇਸ
ਚੰਡੀਗੜ੍ਹ : ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 16,047 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 54 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਵਿੱਚ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਅਤੇ ਕੋਰੋਨਾ ਦੇ ਵੱਧਦੇ ਕੇਸ ਗੰਭੀਰ ਚਿੰਤਾ ਦਾ ਵਿਸ਼ਾ ਬਣ ਰਹੇ ਹਨ। ਹੁਣ ਤੱਕ ਕੁੱਲ 44,190,697 ਮਾਮਲੇ ਸਾਹਮਣੇ ਆ ਚੁੱਕੇ ਹਨ। ਦੂਜੇ ਪਾਸੇ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਦੀ ਗਿਣਤੀ 128,261 ਹੈ। ਪਿਛਲੇ 24 ਘੰਟਿਆਂ 'ਚ 19,539 ਲੋਕ ਕੋਰੋਨਾ ਨੂੰ ਮਾਤ ਦੇ ਤੰਦਰੁਸਤ ਹੋ ਚੁੱਕੇ ਹਨ। ਹੁਣ ਤੱਕ 43,535,610 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਕੋਰੋਨਾ ਨਾਲ ਕੁੱਲ 526,826 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 15,21,429 ਟੀਕੇ ਲਗਾਏ ਗਏ। ਹੁਣ ਤੱਕ ਕੁੱਲ 2,07,03,71,204 ਟੀਕੇ ਲਗਾਏ ਜਾ ਚੁੱਕੇ ਹਨ। ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1,372 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਾਗ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਵਿੱਚ ਲਾਗ ਦੀ ਦਰ ਵੱਧ ਕੇ 17.85 ਫ਼ੀਸਦੀ ਹੋ ਗਈ ਹੈ, ਜੋ ਕਿ 21 ਜਨਵਰੀ ਤੋਂ ਬਾਅਦ ਸਭ ਤੋਂ ਵੱਧ ਹੈ। ਇਹ ਜਾਣਕਾਰੀ ਸਿਹਤ ਵਿਭਾਗ ਦੇ ਅੰਕੜਿਆਂ ਵਿੱਚ ਦਿੱਤੀ ਗਈ ਹੈ। ਅੰਕੜਿਆਂ ਅਨੁਸਾਰ ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਲਾਗ ਦੇ 19,70,899 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਕਾਰਨ 26,336 ਲੋਕਾਂ ਦੀ ਮੌਤ ਹੋ ਚੁੱਕੀ ਹੈ। 7 ਅਗਸਤ ਨੂੰ ਲਾਗ ਦੀ ਦਰ 17.85 ਫ਼ੀਸਦੀ ਦਰਜ ਕੀਤੀ ਗਈ ਸੀ ਜੋ ਕਿ 21 ਜਨਵਰੀ ਤੋਂ ਬਾਅਦ ਸਭ ਤੋਂ ਵੱਧ ਹੈ। ਉਦੋਂ ਲਾਗ ਦੀ ਦਰ 18.04 ਫੀਸਦੀ ਦਰਜ ਕੀਤੀ ਗਈ ਸੀ। ਇਸ ਸਮੇਂ ਦਿੱਲੀ ਵਿੱਚ 7,484 ਲੋਕ ਕੋਰੋਨਾ ਵਾਇਰਸ ਦੀ ਲਾਗ ਦਾ ਇਲਾਜ ਕਰਵਾ ਰਹੇ ਹਨ। ਕਾਬਿਲੇਗੌਰ ਹੈ ਕਿ ਵੱਖ-ਵੱਖ ਸੂਬਾ ਸਰਕਾਰਾਂਂ ਵੱਲੋਂ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰ ਰਿਹਾ ਹੈ। ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਇਹ ਵੀ ਪੜ੍ਹੋ : ਵਿਧਾਇਕ ਗੋਗੀ ਤੋਂ ਮੰਗੀ ਫਿਰੌਤੀ, ਗੈਂਗਸਟਰ ਗੋਲਡੀ ਬਰਾੜ ਦਾ ਦੋਸਤ ਦੱਸਕੇ ਜਾਨੋਂ ਮਾਰਨ ਦੀ ਦਿੱਤੀ ਧਮਕੀ