ਅਮਰੀਕਾ ਤੇ ਤੁਰਕੀ ਦੇ ਬਣੇ ਪਿਸਤੌਲਾਂ ਸਮੇਤ 4 ਸ਼ੱਕੀ ਗ੍ਰਿਫ਼ਤਾਰ
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗਲਤ ਅਨਸਰਾਂ ਵਿਰੁੱਧ ਵਿੱਢੀ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਹਥਿਆਰਾਂ ਸਮੇਤ 4 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਭਾਰਤ-ਪਾਕਿਸਤਾਨ ਦੀ ਸਰਹੱਦ ਉਤੇ ਡਰੋਨ ਦੀ ਹਲਚਲ ਤੋਂ ਬਾਅਦ ਲੋਪੋਕੇ ਦੇ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 4 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 4 ਪਿਸਤੌਲ ਬਰਾਮਦ ਹੋਏ। ਚੈਕਿੰਗ ਦੌਰਾਨ ਹਥਿਆਰਾਂ ਸਬੰਧੀ ਦਸਤਾਵੇਜ਼ ਨਾ ਦਿਖਾਉਣ ਉਤੇ ਪੁਲਿਸ ਨੇ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲੇ ਸਬੰਧੀ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਮੁਲਜ਼ਮਾਂ ਕੋਲੋਂ 4 ਪਿਸਤੌਲਾਂ ਤੋਂ ਇਲਾਵਾ 8 ਮੈਗਜ਼ੀਨ ਤੇ 9 ਐਮਐਮ ਦੇ 140 ਕਾਰਤੂਸ ਵੀ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਜ਼ਬਤ ਕੀਤੇ ਗਏ ਹਥਿਆਰਾਂ ਵਿੱਚੋਂ ਦੋ ਪਿਸਤੌਲ ਅਮਰੀਕਾ ਤੇ ਤੁਰਕੀ ਦੇ ਬਣੇ ਹੋਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰੇਗੀ ਤਾਂ ਕਿ ਪਤਾ ਲੱਗ ਸਕੇ ਕਿ ਵਿਦੇਸ਼ਾਂ ਤੋਂ ਬਣੇ ਹਥਿਆਰ ਉਨ੍ਹਾਂ ਕੋਲ ਕਿਸ ਤਰ੍ਹਾਂ ਆਏ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਤੇ ਹੋਰ ਸ਼ਰਾਰਤੀ ਅਨਸਰਾਂ ਉਤੇ ਪੁਲਿਸ ਨਕੇਲ ਕੱਸ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਨੇ ਸਰਹੱਦੀ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਹੈ। ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੋਸ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ