83 ਫ਼ੀਸਦੀ ਮੂੰਗੀ ਪ੍ਰਾਈਵੇਟ ਕਾਰੋਬਾਰੀਆਂ ਨੇ ਖ਼ਰੀਦੀ : ਖਹਿਰਾ
ਚੰਡੀਗੜ੍ਹ : ਕਾਂਗਰਸ ਦੇ ਖੇਤ ਮਜ਼ਦੂਰ ਕਿਸਾਨ ਸੈੱਲ ਦੇ ਚੇਅਰਮੈਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਭਗਵੰਤ ਸਿੰਘ ਮਾਨ ਉਪਰ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਵੱਲੋਂ ਮੂੰਗੀ ਦੀ ਫ਼ਸਲ ਉਤੇ ਕਿਸਾਨਾਂ ਦੀ ਬਣਦੀ MSP ਨਾ ਦੇਣ ਉਤੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਧਰਨਾ ਦੇਣ ਦੀ ਚਿਤਾਵਨੀ ਵੀ ਦਿੱਤੀ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਰੀਬ 20 ਫ਼ੀਸਦੀ ਕਿਸਾਨਾਂ ਨੂੰ ਮੂੰਗੀ ਉਤੇ ਪੂਰੀ 7275 ਰੁਪਏ MSP ਦਿੱਤੀ ਗਈ ਹੈ ਜਦਕਿ ਬਾਕੀ ਕਿਸਾਨਾਂ ਨੂੰ 3000 ਜਾਂ 4000 ਪ੍ਰਤੀ ਕੁਇੰਟਲ ਦਿੱਤੀ ਗਈ ਹੈ ਅਤੇ ਮੂੰਗੀ ਦੀ 83 ਫ਼ੀਸਦੀ ਖਰੀਦ ਪ੍ਰਾਈਵੇਟ ਵਪਾਰੀਆਂ ਨੇ ਕੀਤੀ ਗਈ ਹੈ। ਇਸ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਖਹਿਰਾ ਨੇ ਪੰਜਾਬ ਸਰਕਾਰ ਖਿਲਾਫ਼ ਧਰਨਾ ਦੇਣ ਦੀ ਵੀ ਗੱਲ ਕੀਤੀ। ਖਹਿਰਾ ਨੇ ਕਿਹਾ ਕਿ ਜੇ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ ਚਾਹੁੰਦੀ ਹੈ ਤਾਂ ਉਹ ਕਿਸਾਨਾਂ ਨੂੰ 2500 ਤੋਂ 3000 ਮੁਆਵਜ਼ਾ ਦੇਣ ਤਾਂ ਹੀ ਬਾਅਦ ਵਿਚ ਪਰਾਲੀ ਦਾ ਸੜਨਾ ਬੰਦ ਹੋ ਸਕਦਾ ਹੈ। ਖਹਿਰਾ ਨੇ ਕਿਹਾ ਕਿ ਪਹਿਲਾ ਉਹ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਪਰਾਲੀ ਤੇ MSP ਦੇਣ ਬਾਰੇ ਗੱਲਬਾਤ ਕਰਨਗੇ। ਜੇਕਰ ਕੋਈ ਫੈਸਲਾ ਨਹੀਂ ਲਿਆ ਜਾਂਦਾ ਤਾਂ ਉਹ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨਗੇ। ਇਸੀ ਸਾਰੇ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਸਰਹੱਦ ਉਤੇ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਅਤੇ ਆਬਕਾਰੀ ਪਾਲਿਸੀ ਉਤੇ ਵੀ ਪੰਜਾਬ ਸਰਕਾਰ ਨੂੰ ਰਗੜੇ ਲਗਾਏ। ਉਨ੍ਹਾਂ ਨੇ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। -PTC News ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ ; ਸ਼ਾਰਪ ਸ਼ੂਟਰ ਦੀਪਕ ਮੁੰਡੀ ਸਣੇ ਤਿੰਨ ਗ੍ਰਿਫ਼ਤਾਰ