ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ 3 ਨਾਬਾਲਗਾਂ ਸਮੇਤ 9 ਦੀ ਮੌਤ
ਦਿਲਕੁਸ਼ਾ (ਲਖਨਊ), 16 ਸਤੰਬਰ: ਲਖਨਊ ਵਿੱਚ ਭਾਰੀ ਮੀਂਹ ਦੌਰਾਨ ਇੱਕ ਕੰਧ ਡਿੱਗਣ ਕਾਰਨ ਤਿੰਨ ਨਾਬਾਲਗਾਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਨੇ ਦੱਸਿਆ ਕਿ ਇਹ ਘਟਨਾ ਛਾਉਣੀ ਅਧੀਨ ਪੈਂਦੇ ਦਿਲਕੁਸ਼ਾ ਵਿੱਚ ਵਾਪਰੀ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਯੂਪੀ ਦੀ ਰਾਜਧਾਨੀ ਲਖਨਊ ਵਿੱਚ ਇੱਕ ਦਿਨ ਵਿੱਚ ਰਿਕਾਰਡ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਇੰਨੀ ਜ਼ਿਆਦਾ ਬਾਰਿਸ਼ ਨਹੀਂ ਹੋਈ ਸੀ। ਰਾਜਧਾਨੀ ਦੇ ਜ਼ਿਆਦਾਤਰ ਇਲਾਕਿਆਂ 'ਚ ਬਿਜਲੀ ਗੁੱਲ ਹੋ ਗਈ ਹੈ।
ਤੜਕੇ 3 ਵਜੇ ਤੋਂ ਹੀ ਕਮਿਸ਼ਨਰ ਅਤੇ ਸਿਟੀ ਕਮਿਸ਼ਨਰ ਸਥਿਤੀ ਦਾ ਜਾਇਜ਼ਾ ਲੈਣ ਲਈ ਰਵਾਨਾ ਹਨ। ਸਥਿਤੀ ਦੇ ਮੱਦੇਨਜ਼ਰ ਕਮਿਸ਼ਨਰ ਡਾ. ਰੋਸ਼ਨ ਜੈਕਬ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਸ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ ਵੀ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਹੈ।
-PTC News