ਦਿੱਲੀ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ, ਟਰੱਕ ਨੇ ਮਾਰੀ ਸੀ ਟੱਕਰ
ਸੋਨੀਪਤ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪ੍ਰ੍ਰ ਫਿਰ ਵੀ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਵਿਚਾਲੇ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਪੰਜਾਬ ਦੇ ਦੋ ਕਿਸਾਨਾਂ ਨੂੰ ਗੋਹਾਣਾ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਇਕ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ।ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੋਹਾਨਾ ਦੇ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਪੰਜਾਬ ਦੇ ਬਰਨਾਲਾ ਦੇ ਪਿੰਡ ਡੇਲਵਾ ਦੇ ਵਸਨੀਕ ਲਖਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਸਾਥੀਆਂ ਸਮੇਤ ਪੰਜਾਬ ਤੋਂ ਰੋਹਤਕ ਜਾ ਰਿਹਾ ਸੀ। ਉਹ ਗੋਹਾਣਾ ਤੋਂ ਅੱਗੇ ਮਹਿਰਾ ਨੇੜੇ ਮੰਨਤ ਹੋਟਲ ਨੇੜੇ ਆਪਣੀ ਟਰੈਕਟਰ ਟਰਾਲੀ ਨੂੰ ਰੋਕ ਕੇ ਖਾਣਾ ਖਾਣ ਲਈ ਹੇਠਾਂ ਉਤਰ ਰਹੇ ਸਨ। ਪਿੱਛੇ ਤੋਂ ਆ ਰਹੇ ਟਰੱਕ ਨੇ ਸਾਥੀ ਬਲਜੀਤ ਸਿੰਘ ਉਰਫ ਮੋਟਾ ਵਾਸੀ ਡੇਲਵਾ, ਬਰਨਾਲਾ ਨੂੰ ਟੱਕਰ ਮਾਰ ਦਿੱਤੀ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਖਵਿੰਦਰ ਦੀ ਸ਼ਿਕਾਇਤ ’ਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ। -PTC News