ਅੰਮ੍ਰਿਤਸਰ ਤੋਂ ਕਿਸਾਨਾਂ ਦੇ ਜਥੇ ਲਖੀਮਪੁਰ ਲਈ ਹੋਏ ਰਵਾਨਾ
ਅੰਮ੍ਰਿਤਸਰ: ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਖੀਮਪੁਰ ਖੀਰੀ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜਥੇ ਰਵਾਨਾ ਕੀਤੇ ਹਨ। ਕਿਸਾਨ ਅੰਦੋਲਨ ਦੌਰਾਨ ਲਖੀਮਪੁਰ 'ਚ ਹੋਈ ਹਿੰਸਾ ਦੇ ਰੋਸ 'ਚ 20 ਅਗਸਤ ਤੱਕ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਤਿੰਨ ਦਿਨਾਂ ਮੋਰਚੇ ਵਿੱਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਹਜ਼ਾਰਾਂ ਕਿਸਾਨਾਂ ਦੇ ਜੱਥੇ ਲਖੀਮਪੁਰ ਪਹੁੰਚੇ ਹਨ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਸਾਨਾਂ ਦੀ ਇਸ ਹੜਤਾਲ ਵਿੱਚ ਬੀਕੇਯੂ ਆਗੂ ਰਾਕੇਸ਼ ਟਿਕੈਤ, ਦਰਸ਼ਨਪਾਲ, ਜੋਗਿੰਦਰ ਉਗਰਾਹਾ, ਯੋਗੇਂਦਰ ਯਾਦਵ, ਮੇਧਾ ਪਾਟਕਰ ਆਦਿ ਕਿਸਾਨ ਆਗੂ ਸ਼ਾਮਲ ਹੋਣਗੇ। ਜਿਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਵਿੱਚ ਉਨ੍ਹਾਂ ਦੀ ਪਹਿਲੀ ਮੰਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਦੇ ਧਰਨਾਕਾਰੀ ਕਿਸਾਨਾਂ 'ਤੇ ਦਰਜ ਕੇਸ ਵਾਪਸ ਕੀਤੇ ਜਾਣ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨੀ ਦੇਰ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।ਕਿਸਾਨ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਹੋਰ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ।