'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ : ਇੰਦਰਬੀਰ ਸਿੰਘ ਨਿੱਜਰ
ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਿਸ ਤਰ੍ਹਾਂ ਹਰ ਵਰਗ ਵੱਲੋਂ ਪੂਰੇ ਉਤਸ਼ਾਹ ਨਾਲ ਚੁਣ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਲੋਕਾਂ ਦੀਆਂ ਉਮੀਦਾਂ ਉਤੇ ਪੂਰਾ ਉਤਰਨ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਭਾਲ, ਪ੍ਰਸ਼ਾਸਨਿਕ ਸੁਧਾਰ ਸੰਸਦੀ ਮਾਮਲੇ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਕਾਰਜਕਾਰੀ ਡਿਪਟੀ ਕਮਿਸ਼ਨਰ ਹਿਮਾਂਸੂੰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, 'ਆਪ' ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਨੀਲ ਗਰਗ ਅਤੇ ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਠਾਕੁਰ ਵਿਸ਼ੇਸ਼ ਤੌਰ ਉਤੇ ਮੌਜੂਦ ਰਹੇ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਨਿੱਜਰ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਮਾਨਦਾਰ ਤੇ ਮਿਹਨਤੀ ਹਨ ਤੇ ਸੂਬਾ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਸਿਫ਼ਰ ਸਹਿਣਸ਼ੀਲਤਾ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ, ਜਿਸ ਤਹਿਤ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਿਮਾਰੀ ਕਾਰਨ ਮਰੇ ਪਸ਼ੂਆਂ ਨੂੰ ਨਹਿਰਾਂ, ਕੱਸੀਆਂ ਜਾਂ ਸੜਕਾਂ ਤੇ ਖੁੱਲ੍ਹਾ ਸੁੱਟਣ ਦੀ ਬਜਾਏ ਜ਼ਮੀਨ ਵਿੱਚ ਦੱਬਿਆ ਜਾਵੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਪੈਂਡਿੰਗ ਕੰਮ ਪਹਿਲ ਦੇ ਆਧਾਰ ਤੇ ਚਾਲੂ ਤੇ ਨਵੇਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਸਮੇਂ-ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨਾਲ ਹੋਣ ਵਾਲੇ ਕਾਰਜਾਂ ਲਈ ਉਚ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਮਿਊਂਸਪਲ ਕਾਰਪੋਰੇਸ਼ਨ ਤੋਂ ਇਲਾਵਾ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਸਿਸਟਮ ਵਿੱਚ ਸੁਧਾਰ ਕਰਨ ਤੇ ਪਾਣੀ ਦੀ ਮਿਕਸਿੰਗ ਨੂੰ ਰੋਕਣ ਤੇ ਸਾਫ਼-ਸਫਾ਼ਈ ਨੂੰ ਪਹਿਲ ਦੇ ਆਧਾਰ ਉਤੇ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਇੰਸਪੈਕਟਰ ਸਣੇ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ, 12.50 ਲੱਖ ਰੁਪਏ ਦੀ ਰਿਸ਼ਵਤ ਬਰਾਮਦ ਇਸ ਦੌਰਾਨ ਕੈਬਨਿਟ ਮੰਤਰੀ ਨਿੱਜਰ ਨੇ ਅਧਿਕਾਰੀਆਂ ਕੋਲੋਂ ਉਨ੍ਹਾਂ ਦੀਆਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਤੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਨ ਲਈ ਲੋੜੀਂਦੇ ਸੁਝਾਅ ਵੀ ਲਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਲਵਜੀਤ ਕੌਰ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਇਨਾਯਤ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਗੁਰਜੰਟ ਸਿਵੀਆਂ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇੰਚਾਰਜ ਰਾਕੇਸ਼ ਪੁਰੀ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਕੌਂਸਲਰ ਸੁਖਦੀਪ ਢਿੱਲੋਂ ਅਤੇ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। -PTC News