'ਆਪ' ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਕਰ ਰਹੀ ਗੁੰਮਰਾਹ : ਸਾਬਕਾ ਵਿਧਾਇਕ ਭੁੱਲੇਵਾਲ
ਗੜ੍ਹਸ਼ੰਕਰ : ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਮੁੱਖ ਸੜਕ ਜਿਸ ਦੀ ਖਸਤਾ ਹਾਲ ਹੋਣ ਕਰਕੇ ਉਨ੍ਹਾਂ ਵੱਲੋਂ ਧਰਨਾ ਦਿੱਤਾ ਗਿਆ ਸੀ ਉਸ ਸਮੇਂ ਗੜ੍ਹਸ਼ੰਕਰ ਦੇ ਵਿਧਾਇਕ ਨੇ ਕਿਹਾ ਸੀ ਕਿ ਸੜਕ ਦੇ ਟੈਂਡਰ ਲੱਗ ਚੁੱਕੇ ਹਨ ਤੇ ਸੜਕ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਇਸ ਦਾ ਅੱਜ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ।
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਗੜ੍ਹਸ਼ੰਕਰ ਵਿਖੇ ਸੰਗਤ ਦਰਸ਼ਨ ਦੌਰਾਨ ਇਲਾਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਸਨ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਜੇ ਵਿਧਾਇਕ ਵਿਚ ਕੰਮ ਕਰਨ ਦੀ ਨੀਅਤ ਹੋਵੇ ਤਾਂ ਵਿਧਾਇਕ ਤੇ ਡਿਪਟੀ ਸਪੀਕਰ ਦੇ ਰੁਤਬੇ ਦੀ ਬਦੌਲਤ ਉਹ ਮੁੱਖ ਮੰਤਰੀ ਦਾ ਹੱਥ ਫੜ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦਾ ਹੈ।
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਮਹਿੰਦਵਾਣੀ ਵਿਚ ਹਿਮਾਚਲ ਦੀ ਸਰਹੱਦ ਵਿਖੇ ਫੈਕਟਰੀ ਦੇ ਪ੍ਰਦੂਸ਼ਣ ਖਿਲਾਫ਼ ਲੋਕਾਂ ਵੱਲੋਂ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਲ ਲੋਕਾਂ ਉਤੇ ਪਰਚੇ ਦਰਜ ਕੀਤੇ ਗਏ, ਜਿਹੜਾ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਸਰਕਾਰਾਂ ਦਾ ਕੰਮ ਲੋਕਾਂ ਦੇ ਮਸਲੇ ਹੱਲ ਕਰਨਾ ਹੁੰਦਾ ਨਾਂ ਕਿ ਲੋਕਾਂ ਉਤੇ ਪਰਚੇ ਦਰਜ ਕਰਨਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਹਿਮਾਚਲ ਸਰਕਾਰ ਨੂੰ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਤੇ ਇੱਥੋਂ ਦੇ ਡਿਪਟੀ ਸਪੀਕਰ ਵੱਲੋਂ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ : SYL ਮੁੱਦੇ ਨੂੰ ਲੈ ਕੇ ਹਰਿਆਣਾ 'ਚ ਗਰਮਾਈ ਸਿਆਸਤ, ਕੁਲਦੀਪ ਬਿਸ਼ਨੋਈ ਨੇ ਕੇਜਰੀਵਾਲ ਅੱਗੇ ਰੱਖੀ ਇਹ ਸ਼ਰਤ
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਲੋਕਾਂ ਨੂੰ ਸਰਕਾਰ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ।
-PTC News