ਜੁਆਇੰਟ ਐਕਸ਼ਨ ਕਮੇਟੀ ਵੱਲੋਂ 'ਆਪ' ਵਿਧਾਇਕ ਰਮਨ ਅਰੋੜਾ ਦੇ ਦਫ਼ਤਰ ਦਾ ਘਿਰਾਓ
ਜਲੰਧਰ : ਜਲੰਧਰ ਤੇ ਕਪੂਰਥਲਾ ਦੇ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਅੱਜ ਜਲੰਧਰ ਕੇਂਦਰੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੇ ਦਫ਼ਤਰ ਦਾ ਘਿਰਾਓ ਕੀਤਾ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਮੁਲਾਜ਼ਮ ਵਿਧਾਇਕ ਦੇ ਦਫ਼ਤਰ ਦੇ ਬਾਹਰ ਪੁੱਜੇ ਜਿਥੇ ਪੁਲਿਸ ਵੱਲੋਂ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਪ੍ਰਦਰਸ਼ਨ ਬਾਰੇ ਗੱਲ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਹਰਪਾਲ ਚੀਮਾ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਸਰਕਾਰ ਬਣਦੇ ਹੀ ਪੁਰਾਣੀ ਪੈਨਸ਼ਨ ਸਕੀਮ ਦੇ ਨਾਲ ਬਾਕੀ ਸਾਰੀਆਂ ਮੰਗਾਂ ਨੂੰ ਜਲਦ ਲਾਗੂ ਕਰਨ ਦੀ ਗੱਲ ਕਹੀ ਗਈ ਸੀ ਪਰ ਸਰਕਾਰ ਬਣਦੇ ਹੀ ਇਹ ਸਾਰੇ ਵਅਦੇ ਝੂਠੇ ਸਾਬਿਤ ਹੋਏ ਹਨ। ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਦੂਜੇ ਸੂਬਿਆਂ ਵਿਚ ਗੁਜਰਾਤ ਤੇ ਹਿਮਾਚਲ ਵਿਚ ਚੋਣਾਂ ਹਨ ਤੇ ਅਰਵਿੰਦ ਕੇਜਰੀਵਾਲ ਉਥੇ ਵਾਅਦੇ ਉਨ੍ਹਾਂ ਸੂਬਿਆਂ ਦੇ ਮੁਲਾਜ਼ਮਾਂ ਦੇ ਨਾਲ ਕਰ ਰਹੇ ਹਨ ਕਿ ਜੇ ਸਰਕਾਰ ਬਣਦੀ ਹੈ ਤਾਂ ਪਹਿਲੇ ਤਿੰਨ ਮਹੀਨਿਆਂ ਵਿਚ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਜਾਵੇਗੀ। ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਵਾਅਦਾਖ਼ਿਲਾਫ਼ ਦਾ ਸ਼ਿਕਾਰ ਹੋਏ ਹਨ ਪਰ ਜੇ ਜਲਦ ਪੰਜਾਬ ਵਿਚ ਇਹ ਵਾਅਦੇ ਪੂਰੇ ਨਾ ਕੀਤੇ ਗਏ ਤਾਂ 29 ਅਕਤੂਬਰ ਨੂੰ ਪੰਜਾਬ ਦੀਆਂ ਸਾਰੀਆਂ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਿਮਲਾ ਵਿਚ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪੋਲ ਖੋਲ੍ਹ ਰੈਲੀ ਕੀਤੀ ਜਾਵੇਗੀ ਤੇ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਨੰਗਾ ਕੀਤਾ ਜਾਵੇਗਾ। ਇਹ ਵੀ ਪੜ੍ਹੋ : ਰਾਜਪਾਲ ਨੇ ਦਿੱਤੇ PAU ਦੇ VC ਨੂੰ ਤੁਰੰਤ ਹਟਾਉਣ ਦੇ ਹੁਕਮ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਜੋ ਸਾਡਾ ਪ੍ਰਦਰਸ਼ਨ ਸਰਕਾਰੀ ਦਫ਼ਤਰਾਂ ਵਿਚ ਕਲਮਛੋੜ ਤੇ ਕੰਪਿਊਟਰ ਬੰਦ ਕਰਨ ਦਾ 19 ਅਕਤੂਬਰ ਤੱਕ ਜਾਰੀ ਸਨ। ਉਹ ਅੱਗੇ ਵੀ ਨਿਰੰਤਰ ਜਾਰੀ ਰਹੇਗਾ। ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਹਨ। ਸੁਖਜੀਤ ਸਿੰਘ ਨੇ ਕਿਹਾ ਕਿ ਹੁਣ ਤਾਂ ਆਮ ਆਦਮੀ ਪਾਰੀ ਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਸੋਸ਼ਲ ਮੀਡੀਆ ਉਤੇ ਵੀ ਮੁਲਾਜ਼ਮਾਂ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਦੀ ਗੁਜਰਾਤ ਦੀ ਗਰਬਾ ਵੀਡੀਓ ਟੈਗ ਕਰਕੇ ਉਨ੍ਹਾਂ ਨੂੰ ਪੰਜਾਬ ਸੰਭਾਲਣ ਦੀ ਗੱਲ ਕੀਤੀ ਗਈ ਹੈ। ਆਖਰ ਵਿਚ ਵਿਧਾਇਕ ਰਮਨ ਅਰੋੜਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਕਿ ਆਪਣੇ ਪ੍ਰਦਰਸ਼ਨ ਜਾਰੀ ਰੱਖਣਗੇ। ਦੂਜੇ ਪਾਸੇ ਧਰਨੇ ਦੇ ਕਾਫੀ ਸਮੇਂ ਬਾਅਦ ਵਿਧਾਇਕ ਰਮਨ ਅਰੋੜਾ ਆਪਣੇ ਦਫਤਰ ਤੋਂ ਨਿਕਲ ਕੇ ਮੁਲਾਜ਼ਮਾਂ ਨੂੰ ਮਿਲਣ ਪੁੱਜੇ ਤੇ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੀ ਮੀਟਿੰਗ ਕਰਵਾ ਕੇ ਜਲਦ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। -PTC News