ਕਾਨਪੁਰ 'ਚ ਵਾਪਰਿਆ ਹਾਦਸਾ, 26 ਦੀ ਮੌਤ, PM ਮੋਦੀ ਤੇ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ: ਯੂਪੀ ਦੇ ਕਾਨਪੁਰ ਵਿੱਚ ਸ਼ਨੀਵਾਰ ਨੂੰ ਇੱਕ ਵੱਡੇ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ। ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਛੱਪੜ ਵਿੱਚ ਡਿੱਗ ਗਈ। ਜਾਣਕਾਰੀ ਮੁਤਾਬਕ ਮਰਨ ਵਾਲਿਆਂ 'ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਟਰਾਲੀ ਵਿੱਚ ਕਰੀਬ 50 ਲੋਕ ਸਵਾਰ ਸਨ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਵਿਸਾਖ ਜੀ ਅਈਅਰ ਨੇ ਸ਼ਨੀਵਾਰ ਦੇਰ ਰਾਤ ਨੂੰ ਦੱਸਿਆ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 26 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਬਚਾਅ ਕਾਰਜ ਕਰਨ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ, "ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।" ਇਹ ਵੀ ਪੜ੍ਹੋ: ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ, 127 ਦੀ ਮੌਤ, 180 ਤੋਂ ਵੱਧ ਜ਼ਖਮੀ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਸਮੇਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਨਪੁਰ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਤੁਰੰਤ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਕਟਰ-ਟਰਾਲੀ ਦੀ ਵਰਤੋਂ ਖੇਤੀਬਾੜੀ ਦੇ ਕੰਮਾਂ ਅਤੇ ਮਾਲ ਢੁਆਈ ਲਈ ਹੀ ਕਰਨ। ਪੀਐਮ ਮੋਦੀ ਨੇ ਟਵੀਟ ਕੀਤਾ, ''ਕਾਨਪੁਰ 'ਚ ਟਰੈਕਟਰ ਟਰਾਲੀ ਹਾਦਸੇ ਤੋਂ ਬਹੁਤ ਦੁਖੀ ਹਾਂ। ਇਸ ਹਾਦਸੇ ਵਿੱਚ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ। -PTC News