ਐਡਵੋਕੇਟ ਧਾਮੀ ਵੱਲੋਂ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾ ਪੰਥਕ ਸੋਚ ਨੂੰ ਬੁਲੰਦ ਰੱਖਿਆ ਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਕੌਮੀ ਮਸਲਿਆਂ ਲਈ ਵੀ ਪਹਿਲਕਦਮੀ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਹਿੱਤ ਸਿੱਖ ਰਾਜਨੀਤੀ ਦੇ ਉੱਘੇ ਹਸਤਾਖਰ ਸਨ, ਜਿਨ੍ਹਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਹਿੱਤ ਦੀ ਘਾਟ ਪੰਥਕ ਸਫਾਂ ਅੰਦਰ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਜਥੇਦਾਰ ਹਿੱਤ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਕਾਬਿਲੇਗੌਰ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਮੈਂਨੇਜਮੈਂਟ ਬੋਰਡ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਦੱਸ ਦੇਈਏ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਸਵੇਰੇ ਪਾਠ ਕਰਦੇ ਹੋਏ ਉਨ੍ਹਾਂ ਨੇ ਆਖ਼ਰੀ ਸਾਹ ਲਏ ਸਨ। -PTC News ਇਹ ਵੀ ਪੜ੍ਹੋ : ਡਿਊਟੀ 'ਤੇ ਤਾਇਨਾਤ ਏਐੱਸਆਈ ਨੇ ਖ਼ੁਦ ਨੂੰ ਮਾਰੀ ਗੋਲ਼ੀ, ਅਧਿਕਾਰੀ 'ਤੇ ਲਗਾਏ ਗੰਭੀਰ ਦੋਸ਼