ਬਾਬਾ ਇਕਬਾਲ ਸਿੰਘ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ: ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਆਤਮਾ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਲਾਣਾ ਦੁਆਰਾ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਨ ਬਣੇ ਅਤੇ ਉਨ੍ਹਾਂ ਨੇ ਅਕਾਲ ਅਕੈਡਮੀਆਂ ਦੀ ਲੜੀ ਚਲਾ ਕੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਇਕਬਾਲ ਸਿੰਘ ਵੱਲੋਂ ਚਲਾਈਆਂ ਅਕੈਡਮੀਆਂ ਵਿੱਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ ’ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀਆਂ ਲਾਸਾਨੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਸਿਰੜੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਕਾਰਜ ਕੀਤੇ। ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਇਕ ਵੱਡਾ ਪੰਥਕ ਘਾਟਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਵੀ ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ ਉੱਤੇ ਅਫ਼ਸੋਸ ਪ੍ਰਗਟ ਕੀਤਾ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ, ਜਾਣੋ ਕੀ ਕਿਹਾ