ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ’ਤੇ ਦਿੱਤੀ ਵਧਾਈ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸ. ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜੁੰਮੇਵਾਰੀ ਹੋਰ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਨ੍ਹਾਂ ਦੇ ਹੱਲ ਲਈ ਆਵਾਜ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਵੀ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਅਨਿਆਂ ਭਾਰਤ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ, ਲਿਹਾਜਾ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ। -PTC News