ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਖ਼ਾਲਸਈ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਮਨੁੱਖ ਆਪਣੀ ਪਛਾਣ ਨਾਲ ਅੱਗੇ ਨਹੀਂ ਵੱਧ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਂਦਿਆਂ ਗੁਰਮਤਿ ਸਮਾਗਮ ਕੀਤੇ ਜਾਂਦੇ ਹਨ। ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ। ਇਹ ਵੀ ਪੜ੍ਹੋ:ਦਿਵਿਆਂਗ ਫ਼ੌਜੀਆਂ ਦੀ 12 ਮੈਂਬਰੀ ਟੀਮ ਵੱਲੋਂ ਕੱਢੀ ਮੋਟਰਸਾਈਕਲ ਰੈਲੀ -PTC News