ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਮੂਸੇ ਦੇ ਦੌਰੇ ਦੇ ਐਲਾਨ ਮਗਰੋਂ ਮਾਹੌਲ ਹੋਇਆ ਤਣਾਅਪੂਰਨ
ਮਾਨਸਾ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਲਈ ਭਾਰੀ ਰੋਸ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵੇ ਲਈ ਮੂਸੇਵਾਲਾ ਜਾਣ ਦਾ ਐਲਾਨ ਕੀਤਾ। ਮੂਸੇਵਾਲਾ ਦੇ ਕਤਲ ਤੋਂ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਬਰਾਈ ਹੋਈ ਹੈ। ਪੁਲਿਸ ਵੱਲੋਂ ਸਾਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਵਿਰੋਧ ਦੇ ਡਰ ਦੇ ਖ਼ਦਸ਼ੇ ਕਾਰਨ ਮੂਸੇ ਪਿੰਡ ਦੇ ਲਗਭਗ ਸਾਰੇ ਘਰਾਂ ਨੂੰ ਪੁਲਿਸ ਨੇ ਤਾਲੇ ਜੜ ਦਿੱਤੇ ਹਨ। ਮੁੱਖ ਮੰਤਰੀ ਦੇ ਦੌਰੇ ਤੋਂ ਬਾਅਦ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਮੂਸੇਵਾਲਾ ਪੁੱਜੇ ਜਿਥੇ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣੇ ਕਰਨਾ ਪਿਆ। ਇਸ ਦਰਮਿਆਨ ਸਿੱਧੂ ਮੂਸੇਵਾਲਾ ਦੇ ਘਰ ਸਾਹਮਣੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਧੱਕਾਮੁੱਕਾ ਵੀ ਕੀਤੀ ਗਈ। ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਇਸ ਸਭ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਨੂੰ ਲੈ ਕੇ ਵੀ ਭੰਬਲਭੂਸਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਪਿੰਡ ਦੇ ਬਾਹਰ ਲੱਗੇ ਪੁਲਿਸ ਦੇ ਨਾਕੇ ਚੁੱਕਣ ਦੀ ਮੰਗ ਕੀਤੀ ਹੈ ਤੇ ਆਮ ਲੋਕਾਂ ਨੂੰ ਆਉਣ ਤੋਂ ਨਾ ਰੋਕਣ ਦੀ ਅਪੀਲ ਕੀਤੀ ਹੈ। ਇਸ ਮੌਕੇ ਲੋਕਾਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦਾ ਵੀ ਵਿਰੋਧ ਕਰਾਂਗੇ, ਸਾਰੇ ਇਥੇ ਸਿਆਸਤ ਚਮਕਾਉਣ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਇਥੇ ਸਿਆਸੀ ਲੋਕ ਆਏ ਅਸੀਂ ਸਭ ਦਾ ਸਤਿਕਾਰ ਕੀਤਾ, ਪਰ ਅੱਜ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਾਰਾ ਪਿੰਡ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਸਾਡੇ ਰਿਸ਼ਤੇਦਾਰਾਂ ਨੂੰ ਵੀ ਮੋੜਿਆ ਜਾ ਰਿਹਾ ਹੈ, ਜਿਸ ਕਾਰਨ ਸਾਡੇ ਵਿੱਚ ਰੋਸ ਹੈ ਤੇ ਅਸੀਂ ਹੁਣ ਇਥੇ ਕਿਸੇ ਵੀ ਸਿਆਸੀ ਲੀਡਰ ਨੂੰ ਨਹੀਂ ਵੜਨ ਦੇਵਾਂਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਕੀਤਾ ਸੀ ਕਿ ਅੱਜ ਸਵੇਰੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਸਿੱਧੂ ਮੂਸੇਵਾਲਾ ਦੇ ਕਈ ਵੱਖ-ਵੱਖ ਪਾਰਟੀਆਂ ਦੇ ਕਈ ਸਿਆਸੀ ਆਗੂ ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਬੀਜੇਪੀ ਦੇ ਸੁਨੀਲ ਜਾਖੜ, ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬੀਬਾ ਹਰਸਿਮਰਤ ਕੌਰ ਉਨ੍ਹਾਂ ਦੇ ਘਰ ਦੁਖ ਸਾਂਝਾ ਕਰਨ ਪਹੁੰਚੇ ਸਨ। ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿਖੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੰਜਾਬ ਪੁਲਿਸ ਨੇ ਹੁਣ ਤੱਕ ਦੋ ਦੋਸ਼ੀਆਂ ਦੀ ਗ੍ਰਿਫਤਾਰੀ ਕਰ ਚੁੱਕੀ ਹੈ। ਇਹ ਵੀ ਪੜ੍ਹੋ : ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖ਼ਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ