CM ਚੰਨੀ ਵੱਲੋਂ ਵੱਡਾ ਐਲਾਨ-ਹੁਣ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਹੋਏਗਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ। ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ CM ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ। ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸ. ਰੰਧਾਵਾ ਨੇ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। -PTC News