ਸ਼ੂਗਰ ਮਿੱਲ ਫਗਵਾੜਾ ਦੀ ਸਾਰੀ ਚੱਲ ਤੇ ਅਚੱਲ ਜਾਇਦਾਦ ਕੁਲੈਕਟਰ ਕਪੂਰਥਲਾ ਦੇ ਹੱਕ 'ਚ ਅਟੈਚ
ਫਗਵਾੜਾ /ਕਪੂਰਥਲਾ : ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਮੈਸ. ਗੋਲਡਨ ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੀ ਜ਼ਮੀਨ ਤੋਂ ਇਲਾਵਾ ਸਾਰੇ ਪਲਾਂਟ, ਮਸ਼ੀਨਰੀ, ਬਿਜਲੀ ਉਤਪਾਦਨ ਪਲਾਂਟ, ਢਾਂਚਾ, ਇਮਾਰਤਾਂ, ਯਾਰਡ, ਰਿਹਾਇਸ਼ੀ ਖੇਤਰ, ਵਹੀਕਲ, ਚੱਲ ਤੇ ਅਚੱਲ ਜਾਇਦਾਦ ਤੇ ਭੌਤਿਕ ਵਸਤੂਆਂ ਨੂੰ ਪੰਜਾਬ ਸਰਕਾਰ ਰਾਹੀਂ ਕੂਲੈਕਟਰ ਕਪੂਰਥਲਾ ਦੇ ਹੱਕ ਵਿਚ ਤੁਰੰਤ ਪ੍ਰਭਾਵ ਨਾਲ ਅਟੈਚ ਕਰ ਦਿੱਤਾ ਗਿਆ ਹੈ। ਇਥੇ ਖਾਸ ਗੱਲ ਹੈ ਕਿ ਉਪਰੋਕਤ ਅਟੈਚਮੈਂਟ ਮਿੱਲ ਦੀ ਜ਼ਮੀਨ ਉਤੇ ਲਾਗੂ ਨਹੀਂ ਹੁੰਦੀ ਕਿਉਂਕਿ ਇਹ ਜ਼ਮੀਨ ਮਹਾਰਾਜਾ ਸ੍ਰੀ ਜਗਤਜੀਤ ਕਪੂਰਥਲਾ (ਇਸ ਸਮੇਂ ਪੰਜਾਬ ਸਰਕਾਰ) ਦੀ ਮਾਲਕੀ ਹੈ ਅਤੇ ਸਿਰਫ ਖੰਡ ਮਿੱਲ ਲਈ ਸ਼ਰਤਾਂ ਤਹਿਤ ਦਿੱਤੀ ਹੋਈ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਆਪਣੀ ਗੰਨੇ ਦੀ ਫ਼ਸਲ ਸੰਧਰ ਸ਼ੂਗਰ ਮਿੱਲ/ਗੋਲਡਨ ਸੰਧਰ ਸ਼ੂਗਰ ਮਿੱਲ ਨੂੰ ਵੇਚੀ ਗਈ ਸੀ ਪਰ ਸਾਲ 2019-20 ਤੋਂ ਕਿਸਾਨਾਂ ਨੂੰ ਮਿੱਲ ਵੱਲੋਂ ਗੰਨੇ ਦੀ ਅਦਾਇਗੀ ਨਹੀਂ ਕੀਤੀ ਗਈ। ਇਸ ਕਾਰਨ ਜਿੱਥੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਉੱਥੇ ਹੀ ਆਮ ਲੋਕਾਂ ਤੇ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਮਿੱਲ ਦੀ ਹਰਿਆਣਾ ਦੀ ਭੂਨਾ ਤਹਿਸੀਲ ਵਿਖੇ 150 ਏਕੜ ਦੇ ਕਰੀਬ ਜ਼ਮੀਨ ਨੂੰ ਵੇਚਕੇ ਜੋ ਲਗਭਗ 23.76 ਕਰੋੜ ਰੁਪਏ ਪ੍ਰਾਪਤ ਹੋਏ ਹਨ, ਉਹ ਕਿਸਾਨਾਂ ਨੂੰ ਦੇਣ ਲਈ 5700 ਯੋਗ ਕਿਸਾਨਾਂ ਦੀ ਐਸਡੀਐਮ ਦਫ਼ਤਰ ਫਗਵਾੜਾ ਵੱਲੋਂ ਬਣਾਈ ਸਬ ਕਮੇਟੀ ਵੱਲੋਂ ਤਸਦੀਕ ਕਰਕੇ ਇਤਰਾਜ਼ ਵੀ ਪ੍ਰਾਪਤ ਕਰ ਲਏ ਗਏ ਹਨ। ਇਸ ਸਬੰਧੀ ਕਿਸਾਨਾਂ ਨੂੰ ਅਦਾਇਗੀ ਲਈ ਯੋਗ ਕਿਸਾਨਾਂ ਦੀ ਸੂਚੀ ਕੇਨ ਕਮਿਸ਼ਨਰ ਪੰਜਾਬ ਨੂੰ ਭੇਜ ਦਿੱਤੀ ਗਈ ਹੈ ਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ। ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਸੂਬੇ ਦੇ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਮਿੱਲ ਦੀਆਂ ਜਾਇਦਾਦਾਂ ਦੀ ਤਸਦੀਕ ਕਰਨ ਤੇ ਉਨ੍ਹਾਂ ਨੂੰ ਅਟੈਚ ਕਰਕੇ ਕਿਸਾਨਾਂ ਦੀ ਬਕਾਇਆ ਅਦਾਇਗੀ ਕਰਨ ਬਾਰੇ ਲਿਖਿਆ ਗਿਆ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ ਫਗਵਾੜਾ ਵੱਲੋਂ 12 ਸਤੰਬਰ 2022 ਰਾਹੀਂ ਦਿੱਤੀ ਗਈ ਰਿਪੋਰਟ ਅਨੁਸਾਰ ਦੱਸਿਆ ਗਿਆ ਹੈ ਕਿ ਮਿੱਲ ਵੱਲ ਕਿਸਾਨਾਂ ਦਾ ਲਗਭਗ 50 ਕਰੋੜ 33 ਲੱਖ ਰੁਪਏ ਬਕਾਇਆ ਹੈ ਪਰ ਮਿੱਲ ਮਾਲਕਾਂ ਵੱਲੋਂ ਕਿਸਾਨਾਂ ਨੂੰ ਖ਼ਰੀਦੇ ਗਏ ਗੰਨੇ ਦੀ ਅਦਾਇਗੀ ਕਰਨ ਲਈ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਮਿੱਲ ਦੀ ਜਾਇਦਾਦ ਪੰਜਾਬ ਸਰਕਾਰ ਰਾਹੀਂ ਪੰਜਾਬ ਰੈਵੀਨਿਊ ਐਕਟ 1887 ਦੀ ਧਾਰਾ 72 ਤਹਿਤ ਕੂਲੈਕਟਰ ਕਪੂਰਥਲਾ ਦੇ ਹੱਕ 'ਚ ਅਟੈਚ ਕੀਤਾ ਜਾਣਾ ਜ਼ਰੂਰੀ ਹੈ। ਇਹ ਵੀ ਪੜ੍ਹੋ : ਐਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘੁਟਾਲੇ 'ਚ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀ ਗ੍ਰਿਫ਼ਤਾਰ ਉਪਰੋਕਤ ਸਾਰਿਆਂ ਤੱਥਾਂ ਦੇ ਆਧਾਰ ਉਤੇ ਐਸਡੀਐਮ ਫਗਵਾੜਾ ਵੱਲੋਂ ਡਿਫਾਲਟਰ ਮਿੱਲ ਮਾਲਕਾਂ ਕੋਲੋਂ ਭੁਗਤਾਨਯੋਗ ਬਕਾਇਆ ਰਕਮ ਦੀ ਵਸੂਲੀ ਲਈ ਮੈਸ. ਗੋਲਡਨ ਸੰਧਰ ਸ਼ੂਗਰ ਮਿੱਲ ਲਿਮ. ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਜ਼ਮੀਨ ਤੋਂ ਇਲਾਵਾ ਸਾਰੇ ਪਲਾਂਟ, ਮਸ਼ੀਨਰੀ, ਬਿਜਲੀ ਉਤਪਾਦਨ ਪਲਾਂਟ, ਢਾਂਚਾ, ਇਮਾਰਤਾਂ, ਯਾਰਡ, ਰਿਹਾਇਸ਼ੀ ਖੇਤਰ, ਵਹੀਕਲ, ਚਲ ਤੇ ਅਚੱਲ ਜਾਇਦਾਦ ਤੇ ਭੌਤਿਕ ਵਸਤੂਆਂ ਨੂੰ ਪੰਜਾਬ ਸਰਕਾਰ ਰਾਹੀਂ ਕੂਲੈਕਟਰ ਕਪੂਰਥਲਾ ਦੇ ਹੱਕ ਵਿਚ ਤੁਰੰਤ ਪ੍ਰਭਾਵ ਨਾਲ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਫਗਵਾੜਾ ਨੂੰ ਹਦਾਇਤ ਕੀਤੀ ਗਈ ਹੈ ਮਿੱਲ ਦੇ ਨਾਮ ਜੋ ਵੀ ਪਲਾਂਟ, ਮਸ਼ੀਨਰੀ, ਬਿਜਲੀ ਉਤਪਾਦਨ ਪਲਾਂਟ, ਢਾਂਚਾ, ਇਮਾਰਤਾਂ, ਯਾਰਡ, ਰਿਹਾਇਸ਼ੀ ਖੇਤਰ, ਵਹੀਕਲ, ਚਲ ਤੇ ਅਚੱਲ ਜਾਇਦਾਦ ਤੇ ਭੌਤਿਕ ਵਸਤੂਆਂ ਦੀ ਅਟੈਚਮੈਂਟ ਸਬੰਧੀ ਅਗਲੀ ਕਾਰਵਾਈ ਨੂੰ ਨੇਪਰੇ ਚਾੜ੍ਹਨ। -PTC News