ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ।ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਤੋਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰੇਗਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰੇਗਾ। ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਯੋਧਿਆਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।