ਕਿਸਾਨ ਯੂਨੀਅਨਾਂ ਵੱਲੋਂ ਵੱਡਾ ਐਲਾਨ, ਇਸ ਦਿਨ ਦਿੱਲੀ ’ਚ ਮੁੜ ਲੱਗੇਗਾ ਧਰਨਾ !
ਸ੍ਰੀ ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸ਼ਾਮਿਲ ਹੋਏ। ਇਸ ਮੌਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਮੁੜ ਤੋਂ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਮੁੜ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਅਗਸਤ ਨੂੰ ਦਿੱਲੀ (Delhi) ਵਿਖੇ ਇੱਕ ਦਿਨ ਦਾ ਧਰਨਾ ਲਗਾਉਣ ਦਾ ਪ੍ਰੋਗਰਾਮ ਹੈ। ਕਿਸਾਨਾਂ ਦੀਆਂ ਪ੍ਰਮੁੱਖਾਂ ਮੰਗਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਿਵਾਉਣਾ, MSP ਦਾ ਗਰੰਟੀ ਕਾਨੂੰਨ, ਅੰਦੋਲਨ ਦੌਰਾਨ ਪੂਰੇ ਦੇਸ਼ ਭਰ ਵਿੱਚ ਕਿਸਾਨਾਂ ‘ਤੇ ਦਰਜ ਪਰਚੇ ਰੱਦ ਕਰਵਾਉਣਾ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਕਿਸਾਨਾਂ ਦੀ ਪੂਰਨ ਤੌਰ ਤੇ ਕਰਜ਼ ਮੁਕਤੀ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਦਿ ਮੰਗਾਂ ਨੂੰ ਲਾਗੂ ਕਰਵਾਉਣਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 22 ਅਗਸਤ ਦੇ ਧਰਨੇ ਤੋਂ ਬਾਅਦ ਅਗਲੇ ਪ੍ਰੋਗਰਾਮ ਲਈ 23 ਤਾਰੀਖ ਨੂੰ ਮੀਟਿੰਗ ਕੀਤੀ ਜਾਵੇਗੀ।ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ 31 ਜੁਲਾਈ ਜੋ ਰੋਡ ਜਾਮ ਕਰਨ ਦਾ ਪ੍ਰੋਗਰਾਮ ਸੀ, ਉਸ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਰੱਦ ਕੀਤਾ ਗਿਆ।
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਨੇ ਕਿਸਾਨਾਂ ਦੀਆਂ ਘੱਟੋ-ਘੱਟ ਸਮਰਥਨ ਮੁੱਲ ਅਤੇ ਖੇਤੀਬਾੜੀ ਸੰਬੰਧਿਤ ਹੋਰ ਮੰਗਾਂ ਨੂੰ ਲੈ ਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਉੱਤੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਡਰ ਸੱਚ ਸਾਬਿਤ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਿਸਦਾ ਡਰ ਸੀ ਉਹੀ ਹੋਇਆ, ਸਰਕਾਰੀ ਕਮੇਟੀ ਦੇ ਨਾਂ 'ਤੇ ਕਿਸਾਨਾਂ ਦੀਆਂ ਅੱਖਾਂ 'ਚ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਐੱਸਕੇਐੱਮ ਨੇ ਕਿਹਾ ਕਿ ਜਿਸ ਕਮੇਟੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਵਾਅਦਾ ਕੀਤਾ ਸੀ, ਉਸ ਦਾ ਆਖਰਕਾਰ ਐਲਾਨ ਕਰ ਦਿੱਤਾ ਗਿਆ ਹੈ।