ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀ ਤਨਖ਼ਾਹ 'ਚ ਕੀਤਾ ਵਾਧਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ ਮਜ਼ਦੂਰਾਂ ਲਈ ਅਹਿਮ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀ ਮਹੀਨਾ ਵਾਰ ਤਨਖ਼ਾਹ ਵਿਚ ਵਾਧੇ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀ ਤਨਖ਼ਾਹ ਵਿਚ 10 ਫ਼ੀਸਦੀ ਵਾਧਾ ਕੀਤਾ ਹੈ। ਇਹ ਫੈਸਲਾ 1 ਸਤੰਬਰ 2022 ਤੋਂ ਲਾਗੂ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਵੀ ਅਹਿਮ ਪਹਿਲਕਦਮੀ ਕੀਤੀ ਹੈ। ਹੁਣ ਪੰਜਾਬ ਸਰਕਾਰ ਪਿੰਡਾਂ, ਲੇਬਰ ਚੌਕਾਂ ਤੇ ਉਸਾਰੀ ਸਾਈਟਾਂ 'ਤੇ ਕੈਂਪ ਲਗਾਏਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਐਪ ਵੀ ਲਾਂਚ ਕੀਤਾ ਹੈ ਅਤੇ 10 ਲੱਖ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ 'ਚ 5 ਲੱਖ ਦੇ ਕਰੀਬ ਰਜਿਸਟਰਡ ਉਸਾਰੀ ਮਜ਼ਦੂਰ ਹਨ।