ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰ ਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪੈਦਾ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਸ਼ਿਵ ਸ਼ੈਨਾ ਦੇ ਇੱਕ ਆਗੂ ਨੇ ਸਿੱਖ ਵਿਰੋਧੀ ਭੜਕਾਊ ਬਿਆਨਬਾਜ਼ੀ ਕੀਤੀ ਸੀ ਤਾਂ ਚਾਹੀਦਾ ਸੀ ਕਿ ਉਸ ਉਤੇ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾਂਦੀ। ਉਨ੍ਹਾਂ ਆਖਿਆ ਕਿ ਕੁਝ ਲੋਕ ਪੰਜਾਬ ਦੇ ਮਾਹੌਲ ਨੂੰ ਤਣਾਅਪੂਰਨ ਬਣਾਉਣ ਦਾ ਲਗਾਤਾਰ ਯਤਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਰੋਕਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਹਿੰਦੂ ਸਿੱਖ ਦਾ ਮੁੱਦਾ ਬਣਾਉਣਾ ਚਾਹੁੰਦੇ ਪਰ ਗੁਰੂ ਸਾਹਿਬ ਵੱਲੋਂ ਸਰਬ ਸਾਂਝੀਵਾਲਤਾ ਦੇ ਉਪਦੇਸ਼ ਅਨੁਸਾਰ ਸਿੱਖ ਹਰ ਧਰਮ ਦਾ ਸਤਿਕਾਰ ਕਰਦੇ ਹਨ। ਜੋ ਲੋਕ ਧਰਮ ਦੇ ਨਾਂ ਉਤੇ ਵੰਡੀਆਂ ਪਾ ਕੇ ਵਖਰੇਵਾਂ ਪਾਉਣਾ ਚਾਹੁੰਦੇ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਨੱਥ ਪਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਖਿਲਾਫ਼ ਨਹੀਂ ਹੁੰਦੇ, ਸਗੋਂ ਲੋੜ ਅਨੁਸਾਰ ਹਰ ਧਰਮ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ ਪਰ ਜਦੋਂ ਸਮਾਜ ਵਿਰੋਧੀ ਅਨਸਰ ਜਾਣਬੁੱਝ ਕੇ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨਗੇ ਤਾਂ ਮਾਹੌਲ ਦਾ ਤਲਖ ਹੋਣਾ ਯਕੀਨੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਭੜਕਾਹਟ ਭਰੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰੇ ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ। ਜ਼ਿਕਰਯੋਗ ਹੈ ਕਿ ਪਟਿਆਲਾ ਵਿੱਚ ਅੱਜ ਸਵੇਰੇ ਦੋ ਧਿਰਾਂ ਵਿੱਚ ਸਥਿਤੀ ਤਣਾਅਪੂਰਨ ਬਣ ਗਈ। ਇਸ ਕਾਰਨ ਪੁਲਿਸ ਨੂੰ ਫਾਇਰਿੰਗ ਵੀ ਕਰਨੀ। ਇਸ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ