ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰੂਦਵਾਰਾ ਸੋਧ ਬਿੱਲ ਨੂੰ ਨਾ ਮਨਜੂਰ ਕਰਨ ਦੀ ਕੀਤੀ ਮੰਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿੱਖ ਮਾਮਲਿਆਂ ਨੂੰ ਉਲਝਾ ਰਹੇ ਹਨ।

By  Amritpal Singh June 22nd 2023 07:30 PM -- Updated: June 22nd 2023 08:48 PM

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿਲ 2023 ਨੂੰ ਮਨਜ਼ੂਰੀ ਨਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਦੇ ਰਾਜਪਾਲ ਨੂੰ ਮਿਲੇ ਇਸ ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ ਅਤੇ ਲਖਵੀਰ ਸਿੰਘ ਸ਼ਾਮਲ ਸਨ।

ਇਸ ਮੌਕੇ ਰਾਜਪਾਲ  ਬਨਵਾਰੀ ਲਾਲ ਪੁਰੋਹਿਤ ਨੂੰ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਕੀਤੀ ਗਈ ਦਖ਼ਲਅੰਦਾਜ਼ੀ ਗੈਰ-ਸੰਵਿਧਾਨਕ ਹੈ, ਜਿਸ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ। 

ਰਾਜਪਾਲ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿੱਖ ਮਾਮਲਿਆਂ ਨੂੰ ਉਲਝਾ ਰਹੇ ਹਨ। ਸਰਕਾਰ ਵੱਲੋਂ ਵਿਧਾਨ ਸਭਾ ਅੰਦਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਦਖ਼ਲਅੰਦਾਜ਼ੀ ਕੀਤੀ ਗਈ ਹੈ। ਇਹ ਕਦਮ ਸਿੱਧੇ ਤੌਰ 'ਤੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਨਾਲ ਕੇਂਦਰ ਸਰਕਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ। 

ਐਡਵੋਕੇਟ ਧਾਮੀ ਦੇ ਆਖਿਆ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਤਾਂ ਨਿਰੋਲ ਪ੍ਰਬੰਧਕੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ ਪਰ ਸਿੱਖ ਕੌਮ ਅਜਿਹਾ ਨਹੀਂ ਹੋਣ ਦੇਵੇਗੀ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਵਰਨਰ ਪੰਜਾਬ ਨੂੰ ਪੰਜਾਬ ਸਰਕਾਰ ਦੀ ਗੈਰ ਸੰਵਿਧਾਨਕ ਹਰਕਤ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਹੈ ਅਤੇ ਉਨ੍ਹਾਂ ਨੇ ਵਿਸ਼ਵਾਸ਼ ਦੁਆਇਆ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਿੱਲ ਦੀ ਘੋਖ ਕਰਨਗੇ ਅਤੇ ਅਨਿਆਂ ਨਹੀਂ ਹੋਣ ਦੇਣਗੇ।


Related Post