ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ AAP ਵਿਧਾਇਕਾਂ ਨੂੰ ਦਿੱਲੀ ਸੱਦਿਆ,18 ਸਤੰਬਰ ਨੂੰ ਮੀਟਿੰਗ
ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਉਤੇ ਆਪ੍ਰੇਸ਼ਨ ਲੋਟਸ ਦੇ ਤਹਿਤ ਵਿਧਾਇਕਾਂ ਨੂੰ ਖਰੀਦਣ ਅਤੇ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਸਬੰਧੀ ਡੀਜੀਪੀ ਨੂੰ ਸ਼ਿਕਾਇਤ ਤੋਂ ਬਾਅਦ ਮਾਮਲਾ ਵੀ ਦਰਜ ਹੋ ਗਿਆ ਹੈ। ਪੰਜਾਬ ਦੇ ਅੰਦਰ ਚੱਲ ਰਹੇ ਸਿਆਸੀ ਕਲੇਸ਼ ਦੇ ਵਿਚਕਾਰ ਹੁਣ ਪੰਜਾਬ ਦੇ ਸਾਰੇ AAP ਵਿਧਾਇਕਾਂ ਨੂੰ ਅਰਵਿੰਦ ਕੇਜਰੀਵਾਲ ਦੇ ਵਲੋਂ ਦਿੱਲੀ ਤਲਬ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਅੰਦਰ ਵਿਧਾਇਕਾਂ ਨੂੰ ਖ਼ਰੀਦਣ ਦੀਆਂ ਖ਼ਬਰਾਂ ਨੇ ਸਿਆਸੀ ਭੂਚਾਲ ਲਿਆਂਦਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਵਿਧਾਇਕਾਂ ਨਾਲ ਕੀਤੀ ਜਾਣ ਵਾਲੀ ਇਸ ਮੀਟਿੰਗ ਐਤਵਾਰ 18 ਸਤੰਬਰ ਹੋਵੇਗੀ।
ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਕਰ ਕੇ ਭਾਜਪਾ ਦੇ ਲੋਟਸ ਆਪ੍ਰੇਸ਼ਨ ਬਾਰੇ ਖੁਲਾਸੇ ਕੀਤੇ ਸਨ। ਵਿੱਤ ਮੰਤਰੀ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਡੀਜੀਪੀ ਨੂੰ ਸ਼ਿਕਾਇਤ ਕੀਤੀ ਅਤੇ ਪੰਜਾਬ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ 14 ਸਤੰਬਰ ਨੂੰ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (FIR) ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ:ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਫਿਰ ਡਰੋਨ ਦੀ ਹਲਚਲ
-PTC News