ਪ੍ਰਧਾਨ ਮੰਤਰੀ ਦੇ ਕਾਫ਼ਿਲੇ 'ਚ ਸੰਨ੍ਹ ਲੱਗਣ ਦੇ ਮਾਮਲੇ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ
ਚੰਡੀਗੜ੍ਹ : ਫਿਰੋਜ਼ਪੁਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕਮੀ ਦੇ ਮਾਮਲੇ ਦਾ ਸਿਆਸੀ ਤੂਫਾਨ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਦੌਰਾਨ ਪੰਜਾਬ ਭਾਜਪਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ 'ਤੇ ਵੱਡੇ ਇਲਜ਼ਾਮ ਲਾਏ ਗਏ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 5 ਜਨਵਰੀ ਦਾ ਦਿਨ ਪੰਜਾਬ ਦੇ ਇਤਿਹਾਸ ਲਈ ਕਾਲਾ ਦਿਨ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਸਾਜ਼ਿਸ਼ ਦੇ ਤਹਿਤ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਸੰਨ੍ਹ ਲਾਈ ਗਈ ਹੈ ਅਤੇ ਇਸ ਘਟਨਾ ਨੇ ਪੰਜਾਬੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਪੰਜਾਬ ਸਰਕਾਰ ਦੀ ਸ਼ੈਅ 'ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਪ੍ਰਧਾਨ ਮੰਤਰੀ ਦੇ ਸੜਕ ਮਾਰਗ ਰਾਹੀਂ ਰੈਲੀ ਤੱਕ ਪੁੱਜਣ ਦਾ ਰੂਟ ਪੰਜਾਬ ਸਰਕਾਰ ਦੀ ਕਲੀਅਰੈਂਸ ਤੋਂ ਬਾਅਦ ਹੀ ਤੈਅ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਸਾਰੀ ਸਾਜ਼ਿਸ਼ ਦਿੱਲੀ 'ਚ ਰਚੀ ਗਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਇਸ ਘਟਨਾ ਬਾਰੇ ਪੂਰੀ ਤਰ੍ਹਾਂ ਚੁੱਪ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਇਸ ਘਟਨਾ 'ਤੇ ਸ਼ਰਮਸਾਰ ਹੋਣਾ ਚਾਹੀਦਾ ਸੀ ਪਰ ਉਨ੍ਹਾਂ ਵੱਲੋਂ ਉਲਟੇ-ਸਿੱਧੇ ਬਿਆਨ ਦਿੱਤੇ ਜਾ ਰਹੇ ਹਨ।