94 ਸਾਲ ਦੀ ਉਮਰ 'ਚ ਪ੍ਰਕਾਸ਼ ਸਿੰਘ ਬਾਦਲ ਹੋਣਗੇ ਚੋਣ ਲੜਨ ਵਾਲੇ ਸਭ ਤੋਂ ਬਜ਼ੁਰਗ ਉਮੀਦਵਾਰ
ਨਵੀਂ ਦਿੱਲੀ: ਪੰਜਾਬ ਦੇ ਪੰਜ ਵਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨਾਮਜ਼ਦਗੀ ਭਰਨ ਦੇ ਨਾਲ ਹੀ ਦੇਸ਼ ਵਿੱਚ ਕਿਸੇ ਵੀ ਕਿਸਮ ਦੀ ਚੋਣ ਲੜਨ ਵਾਲੇ ਸਭ ਤੋਂ ਬਜ਼ੁਰਗ ਉਮੀਦਵਾਰ ਬਣ ਉੱਭਰੇ ਹਨ। ਅਕਾਲੀ ਆਗੂ ਵੱਲੋਂ ਸੂਬੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੋਮਵਾਰ ਨੂੰ ਕਾਗਜ਼ ਦਾਖਲ ਕੀਤੇ ਗਏ। ਇਹ ਵੀ ਪੜ੍ਹੋ: ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ 94 ਸਾਲ ਦੀ ਉਮਰ ਵਿੱਚ ਬਾਦਲ ਆਪਣੇ ਗ੍ਰਹਿ ਖੇਤਰ ਲੰਬੀ ਤੋਂ ਪੰਜਾਬ ਵਿਧਾਨ ਸਭਾ ਚੋਣ ਲੜ ਰਹੇ ਹਨ। ਉਮਰ ਦੀ ਹੱਦ ਨੂੰ ਤੋੜਦੇ ਹੋਏ, ਅਕਾਲੀ ਦਲ ਦੇ ਸਰਪ੍ਰਸਤ ਤੋਂ ਪਹਿਲਾਂ, ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ.ਐਸ. ਅਚੁਥਾਨੰਦਨ ਨੇ 2016 ਵਿੱਚ 92 ਸਾਲ ਦੀ ਉਮਰ ਵਿੱਚ ਸਭ ਤੋਂ ਬਜ਼ੁਰਗ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ ਸੀ। 1947 ਵਿੱਚ ਪੰਜਾਬ ਦੇ ਪਿੰਡ ਬਾਦਲ ਤੋਂ ਚੁਣੇ ਜਾਣ 'ਤੇ ਬਾਦਲ ਸਭ ਤੋਂ ਨੌਜਵਾਨ ਸਰਪੰਚ ਸਨ। ਉਹ 1970 ਵਿੱਚ 43 ਸਾਲ ਦੀ ਉਮਰ ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਵੀ ਬਣੇ ਸਨ। ਇਸਤੋਂ ਬਾਅਦ ਉਹ 2012 ਵਿੱਚ ਸਭ ਤੋਂ ਵੱਧ ਉਮਰ ਦੇ ਮੁੱਖ ਮੰਤਰੀ ਬਣ ਉੱਭਰੇ ਸਨ। ਬਾਦਲ 1970-71, 1977-80, 1997-2002, 2007-12 ਅਤੇ 2012-17 ਤੱਕ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿ ਚੁੱਕੇ ਹਨ। ਉਹ 1995 ਤੋਂ 2008 ਤੱਕ ਅਕਾਲੀ ਦਲ ਦੇ ਪ੍ਰਧਾਨ ਰਹੇ ਅਤੇ ਇੱਕ ਵਾਰ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਹ ਵੀ ਪੜ੍ਹੋ: ਦਿੱਲੀ 'ਚ ਹੋਏ ਬਲਾਤਕਾਰ ਮਾਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਸੂਬੇ ਵਿੱਚ ਪੂਰਨ ਬਹੁਮਤ ਹਾਸਲ ਕੀਤੀ ਸੀ ਅਤੇ 10 ਸਾਲਾਂ ਬਾਅਦ ਅਕਾਲੀ-ਭਾਜਪਾ ਸਰਕਾਰ ਨੂੰ ਹਰਾਉਣ ਵਿੱਚ ਸਫ਼ਲ ਹੋ ਪਾਈ ਸੀ। ਆਮ ਆਦਮੀ ਪਾਰਟੀ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 20 ਸੀਟਾਂ ਜਿੱਤ ਕੇ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਸੀ, ਜਦਕਿ ਅਕਾਲੀ ਦਲ ਨੂੰ 15 ਸੀਟਾਂ ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ। -PTC News