ਅੰਮ੍ਰਿਤਸਰ: ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਅਕਾਲ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਮੁਲਾਕਾਤ ਕਰਨ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਇੱਕ ਪਾਸੇ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਭੁੱਖ ਹੜਤਾਲ ਰੱਖਣ ਲਈ ਮਜ਼ਬੂਰ ਹਨ, ਜਦਕਿ ਦੂਸਰੇ ਪਾਸੇ ਸਿੱਖ ਕੌਮ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨਾਂ ਵਿੱਚ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੜਿਕੇ ਡਾਹੇ ਜਾ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪ੍ਰਤੀ ਕੌਮ ਦੀ ਚਿੰਤਾ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇੱਕ ਮਿਸ਼ਨ ਵਾਂਗ ਕੰਮ ਕਰ ਰਹੀ ਹੈ। ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਐਡੋਵਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਹਠੀ ਰਵੱਈਆ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਫ਼ਦ ਨੇ ਭਾਈ ਰਾਜੋਆਣਾ ਵੱਲੋਂ 5 ਦਸਬੰਰ ਦੀ ਭੁੱਖ ਹੜਤਾਲ ਦੇ ਐਲਾਨ ਦੇ ਮੱਦੇਨਜ਼ਰ ਉਨ੍ਹਾਂ ਨਾਲ ਅੱਜ ਮੁਲਾਕਾਤ ਬੇਹੱਦ ਜ਼ਰੂਰੀ ਸੀ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੂੰ ਸੰਜੀਦਾ ਭੂਮਿਕਾ ਅਦਾ ਕਰਦਿਆਂ ਆਪਣਾ ਹਠੀ ਰਵੱਈਆ ਛੱਡ ਕੇ ਸਮੇਂ ਦੀ ਨਾਜੁਕਤਾ ਨੂੰ ਅਨੁਸਾਰ ਮੁਲਾਕਾਤ ਕਰਵਾਉਣੀ ਚਾਹੀਦੀ ਸੀ।