ਹਾਈਕੋਰਟ 'ਚ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਟਲੀ ਸੁਣਵਾਈ
ਚੰਡੀਗੜ੍ਹ: ਡਰੱਗ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਫੈਸਲਾ ਟਾਲ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਮਗਰੋਂ ਹਾਈਕੋਰਟ (Punjab Haryana High Court) ਦਾ ਰੁਖ਼ ਕੀਤਾ ਸੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Punjab Government) ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ (anticipatory bail) ’ਤੇ ਅੱਜ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ।
ਦੱਸ ਦੇਈਏ ਬੀਤੇ ਦਿਨੀ ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਸੀ । ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। ਇਹ ਐਫਆਈਆਰ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ। ਮਜੀਠੀਆ ਤੇ ਧਾਰਾ 25, 27ਏ ਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ।'