ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਹੋਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, PM ਮੋਦੀ ਨੇ ਕੀਤਾ ਐਲਾਨ
MannKiBaat: ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਹ ਮੰਗ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਚੱਲ ਰਹੀ ਸੀ।
ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ, "ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।" ਦੱਸ ਦੇਈਏ ਕਿ ਪੀਐਮ ਮੋਦੀ ਨੇ ਅੱਜ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਹ ਉਹਨਾਂ ਮਾਸਿਕ ਰੇਡੀਓ ਪ੍ਰੋਗਰਾਮ ਦਾ 93ਵਾਂ ਐਪੀਸੋਡ ਸੀ। 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲਿਆ ਜਾਵੇਗਾ।
ਉਨ੍ਹਾਂ ਨੇ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਵੀ ਦਿੱਤੀ। ਮੋਦੀ ਨੇ ਪਿਛਲੇ ਦਿਨੀਂ ਭਾਰਤ ਆਏ ਚੀਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ MyGov 'ਤੇ ਉਨ੍ਹਾਂ ਦੇ ਨਾਂ ਸੁਝਾਏ ਜਾ ਸਕਦੇ ਹਨ। ਉਨ੍ਹਾਂ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆਂ ਦੇਸ਼ ਵਾਸੀਆਂ ਨੂੰ ਸਮੁੰਦਰੀ ਕਿਨਾਰਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ। 'ਮਨ ਕੀ ਬਾਤ' ਆਲ ਇੰਡੀਆ ਰੇਡੀਓ, ਦੂਰਦਰਸ਼ਨ, ਯੂਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਮੋਦੀ ਨੇ Sign Language ਬਾਰੇ ਗੱਲ ਕਰਦਿਆਂ ਕਿਹਾ, 'ਬਹੁਤ ਸਾਰੇ ਲੋਕ ਅਜਿਹੇ ਹਨ ਜੋ ਜਾਂ ਤਾਂ ਸੁਣ ਨਹੀਂ ਸਕਦੇ ਜਾਂ ਬੋਲ ਕੇ ਆਪਣੇ ਆਪ ਨੂੰ ਪ੍ਰਗਟ ਕਰਨ ਵਿੱਚ ਅਸਮਰੱਥ ਹਨ। ਅਜਿਹੇ ਸਾਥੀਆਂ ਦਾ ਸਭ ਤੋਂ ਵੱਡਾ ਸਹਾਰਾ ਸੈਨਤ ਭਾਸ਼ਾ ਹੈ। ਪਰ ਭਾਰਤ ਵਿੱਚ ਸਾਲਾਂ ਤੋਂ ਇੱਕ ਵੱਡੀ ਸਮੱਸਿਆ ਇਹ ਸੀ ਕਿ ਸੰਕੇਤਕ ਭਾਸ਼ਾ ਲਈ ਕੋਈ ਸਪੱਸ਼ਟ ਸੰਕੇਤ ਨਹੀਂ ਸਨ, ਕੋਈ ਮਾਪਦੰਡ ਨਹੀਂ ਸਨ।