ਕੁੜੀਆਂ ਦੀ ਇਤਰਾਜ਼ਯੋਗ ਵੀਡੀਓਜ਼ ਮਾਮਲੇ 'ਚ ਚੰਡੀਗੜ੍ਹ ਯੂਨੀਵਰਸਿਟੀ ਨੇ ਦਿੱਤੀ ਸਫ਼ਾਈ

By  Riya Bawa September 18th 2022 01:00 PM -- Updated: September 18th 2022 01:02 PM

ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਆਰ.ਐਸ.ਬਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ “ਅਜਿਹੀਆਂ ਅਫਵਾਹਾਂ ਹਨ ਕਿ 7 ਲੜਕੀਆਂ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਅਸਲੀਅਤ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਘਟਨਾ ਵਿੱਚ ਕਿਸੇ ਵੀ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ ਹੈ। ctu ਡਾ. ਬਾਵਾ ਨੇ ਅੱਗੇ ਕਿਹਾ ਕਿ ਇਕ ਹੋਰ ਅਫਵਾਹ ਹੈ ਜੋ ਮੀਡੀਆ ਰਾਹੀਂ ਫੈਲ ਰਹੀ ਹੈ ਕਿ ਵੱਖ-ਵੱਖ ਵਿਦਿਆਰਥੀਆਂ ਦੇ 60 ਇਤਰਾਜ਼ਯੋਗ MMS ਹਨ ਜੋ ਕਿ ਬਿਲਕੁਲ ਝੂਠ ਅਤੇ ਬੇਬੁਨਿਆਦ ਹੈ। ਯੂਨੀਵਰਸਿਟੀ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥੀ ਦਾ ਕੋਈ ਵੀ ਵੀਡੀਓ ਨਹੀਂ ਮਿਲਿਆ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇੱਕ ਲੜਕੀ ਵੱਲੋਂ ਬਣਾਈ ਗਈ ਇੱਕ ਨਿੱਜੀ ਵੀਡੀਓ ਜੋ ਉਸ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਸੀ। ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਦੀਆਂ ਸਾਰੀਆਂ ਅਫਵਾਹਾਂ ਸਰਾਸਰ ਝੂਠ ਅਤੇ ਬੇਬੁਨਿਆਦ ਹਨ। ਵਿਦਿਆਰਥੀਆਂ ਦੀ ਬੇਨਤੀ 'ਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਖੁਦ ਪੰਜਾਬ ਪੁਲਿਸ ਵਿਭਾਗ ਨੂੰ ਅਗਲੇਰੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਦੌਰਾਨ ਹੁਣ ਇਕ ਲੜਕੀ ਨੂੰ ਹਿਰਾਸਤ ਵਿਚ ਲੈ ਗਿਆ ਹੈ ਅਤੇ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਸਾਰੇ ਮੋਬਾਈਲ ਫੋਨ ਅਤੇ ਹੋਰ ਸਮੱਗਰੀ ਅਗਲੇਰੀ ਜਾਂਚ ਲਈ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ। ਚੰਡੀਗੜ੍ਹ ਯੂਨੀਵਰਸਿਟੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ। ਇਹ ਅੱਗੇ ਸਪੱਸ਼ਟ ਕੀਤਾ ਗਿਆ ਹੈ ਕਿ ਯੂਨੀਵਰਸਿਟੀ ਸਾਡੇ ਸਾਰੇ ਵਿਦਿਆਰਥੀਆਂ ਖਾਸ ਕਰਕੇ ਸਾਡੀਆਂ ਧੀਆਂ ਵਰਗੀਆਂ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮਰੱਥ ਹੈ। ਇਸ ਤੋਂ ਪਹਿਲਾਂ ਵੀ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਲੜਕੀ ਕੋਲੋਂ ਇਕ ਵੀਡੀਓ ਬਰਾਮਦ ਹੋਇਆ ਹੈ। ਇਹ ਵੀਡੀਓ ਉਸ ਲੜਕੀ ਦਾ ਨਿੱਜੀ ਵੀਡੀਓ ਹੈ। ਐਸਐਸਪੀ ਨੇ ਦੱਸਿਆ ਕਿ ਲੜਕੀ ਦਾ ਮੋਬਾਈਲ ਜ਼ਬਤ ਕਰਕੇ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾ ਰਿਹਾ ਹੈ। ਇਸ ਘਟਨਾ ਨਾਲ ਸਬੰਧਤ ਕਿਸੇ ਦੀ ਮੌਤ ਦੀ ਕੋਈ ਰਿਪੋਰਟ ਨਹੀਂ ਹੈ। -PTC News

Related Post