ਚੰਨੀ ਦੇ ਪਰਿਵਾਰ ਨੇ ਗੈਰ ਕਾਨੂੰਨੀ ਰੇਤ ਮਾਇਨਿੰਗ ਰਾਹੀਂ ਕਰੋੜਾਂ ਰੁਪਏ ਕੀਤੇ ਇਕੱਠੇ

By  Jasmeet Singh January 20th 2022 07:41 PM -- Updated: January 21st 2022 01:04 PM

ਬਠਿੰਡਾ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਭੁੱਚੋ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਤੋਂ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਤੇ ਇਹ ਵੀ ਸਪਸ਼ਟ ਕੀਤਾ ਹੈ ਕਿ ਸੂਬੇ ਵਿੱਚ ਰੇਤ ਮਾਫੀਆ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੰਸਣ ਕਿ ਕਿਵੇਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਬੇਨਾਮੀ ਮਿਲੇ ਹਨ। ਇਹ ਵੀ ਪੜ੍ਹੋ: 'ਆਪ' ਨੂੰ ਫਿਰ ਤੋਂ ਵੱਡਾ ਝੱਟਕਾ, ਨੂਰਪੁਰ ਬੇਦੀ ਤੋਂ 'ਆਪ' ਵਲੰਟੀਅਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਵੀ ਰਿਪੋਰਟਾਂ ਹਨ ਕਿ ਮੁੱਖ ਮੰਤਰੀ ਨੇ ਆਪਣੀ ਮੋਰਿੰਡਾ ਰਿਹਾਇਸ਼ ਤੋਂ ਵੱਡੀ ਮਾਤਰਾ ਵਿੱਚ ਨਗਦੀ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚਾਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ। ਬਠਿੰਡਾ ਦੇ ਐਮ.ਪੀ. ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿੱਛਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ। ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ। ਸਮਾਜ ਦੇ ਗਰੀਬ ਤੇ ਐਸ.ਸੀ. ਵਰਗ ਦੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਅਨੇਕਾਂ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਗਏ ਤੇ ਕਈ ਸਕੀਮਾਂ ਤਾਂ ਬੰਦ ਹੀ ਕਰ ਦਿੱਤੀਆਂ ਗਈਆਂ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਜਿਹਾ ਰਿਕਾਰਡ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਫਿਰ ਤੋਂ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਬਦਲ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਵੱਡੀਆਂ ਵੱਡੀਆਂ ਸਕੀਮਾਂ ਤੇ ਰਾਹਤਾਂ ਦਾ ਐਲਾਨ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਕੋਈ ਲਾਗੂ ਨਹੀਂ ਹੋਈਆਂ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਕਾਂਗਰਸ ਦੀ ਸਿਖ਼ਰਲੀ ਕੁਰਸੀ ਵਾਸਤੇ ਅੰਦਰੂਨੀ ਲੜਾਈ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਝੱਲਣੀਆਂ ਪਈਆਂ ਕਿਉਂਕਿ ਪ੍ਰਸ਼ਾਸਕੀ ਕੰਮਕਾਜ ਠੱਪ ਹੋ ਗਿਆ ਤੇ ਅਮਨ ਕਾਨੁੰਨ ਵਿਵਸਥਾ ਵੀ ਢਹਿ ਢੇਰੀ ਹੋ ਗਈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਹਨਾਂ ਨੇ ਇਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦੀ ਪੋਸਟ ਵੀ ਵੇਚ ਦਿੱਤੀ ਹੈ। ਅਕਾਲੀ ਦਲ ਦੀ ਮੁੱਖ ਆਗੂ ਨੇ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੂੰ ਵੀ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਰੱਬੜ ਦੀ ਮੋਹਰ ਹੋ ਕੇ ਉਹ ਕੇਜਰੀਵਾਲ ਦਾ ਵਿਰੋਧ ਕਿਵੇਂ ਕਰਨਗੇ ਤੇ ਕਿਵੇਂ ਉਹਨਾ ਨੂੰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦਾ ਵਿਰੋਧ ਕਰਨਗੇ ਤੇ ਕਿਵੇਂ ਉਹਨਾਂ ਦੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਦਾ ਵਿਰੋਧ ਕਰਨਗੇ। ਉਹਨਾਂ ਨੇ ਮਾਨ ਨੂੰ ਆਖਿਆ ਕਿ ਉਹ ਇਹ ਵੀ ਦੱਸਣ ਕਿ ਉਹਨਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕਰਨ ਲਈ ਕੇਜਰੀਵਾਲ ਦੀ ਮੰਗ ਦਾ ਹੁਣ ਤੱਕ ਕਦੇ ਵਿਰੋਧ ਕਿਉਂ ਨਹੀਂ ਕੀਤਾ। ਇਹ ਵੀ ਪੜ੍ਹੋ: ਪ੍ਰੋ ਭੁੱਲਰ ਦੀ ਰਿਹਾਈ ਨਾ ਹੋਣ 'ਤੇ ਪੰਥਕ ਧਿਰਾਂ ਵੱਲੋਂ 'ਆਪ' ਪਾਰਟੀ ਦੇ ਉਮੀਦਵਾਰਾਂ ਦੇ ਘੇਰਾਓ ਦੀ ਚੇਤਾਵਨੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਦਾਰ ਦਰਸ਼ਨ ਸਿੰਘ ਕੋਟਫੱਤਾ ਦੀ ਜਿੱਤ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਚੋਣਾਂ ਵਿੱਚ ਹੂੰਝਾਫੇਰ ਜਿੱਤ ਦਰਜ ਕਰੇਗਾ ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਹਰ ਪਿੰਡ ਨੂੰ ਵਿਕਾਸ ਕਾਰਜਾਂ ਲਈ ਢੁਕਵੀਂ ਗਰਾਂਟ ਪ੍ਰਦਾਨ ਕੀਤੀ ਜਾਵੇਗੀ। -PTC News

Related Post