ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਆਗਾਜ਼

By  Pardeep Singh August 29th 2022 08:14 AM -- Updated: August 29th 2022 05:45 PM

ਜਲੰਧਰ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਮਰ ਦੇ ਵਿਅਕਤੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਵੱਲੋਂ ਅੱਜ ਸੋਮਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਕੀਤਾ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਜਲੰਧਰ ਵਿੱਚ ਪੰਜਾਬ ਖੇਡ ਮੇਲੇ ਦੇ ਉਦਘਾਟਨੀ ਸਮਾਗਮ ਦੇ ਚਲਦਿਆਂ ਸਕੂਲਾਂ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।  ਇਸ ਮੈਗਾ ਖੇਡ ਸਮਾਰੋਹ ਦੌਰਾਨ ਨਾਮੀ ਖਿਡਾਰੀਆਂ ਵੱਲੋਂ ਮਸ਼ਾਲ ਮਾਰਚ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਬਲਜੀਤ ਸਿੰਘ ਢਿੱਲੋਂ, ਸਿਮਰਨਜੀਤ ਕੌਰ, ਰਾਜਿੰਦਰ ਸਿੰਘ ਰਹੇਲੂ, ਮਨਜੀਤ ਕੌਰ, ਵਿਕਾਸ ਠਾਕੁਰ, ਗੁਰਜੀਤ ਕੌਰ, ਦਮਨੀਤ ਸਿੰਘ ਮਾਨ, ਸਵਰਨ ਸਿੰਘ ਵਿਰਕ, ਸੁਖਪਾਲ ਸਿੰਘ ਪਾਲੀ, ਹਰਪ੍ਰੀਤ ਸਿੰਘ ਹੈਪੀ, ਸੁਮਨ ਸ਼ਰਮਾ, ਪ੍ਰਨਵ ਚੋਪੜਾ, ਗੁਰਪ੍ਰੀਤ ਸਿੰਘ ਸ਼ਾਮਿਲ ਹਨ। ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਟੇਡੀਅਮ ਵਿੱਚ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਦਘਾਟਨ ਸਮਾਰੋਹ ਦੌਰਾਨ ਨਾਮੀ ਪੰਜਾਬੀ ਗਾਇਕਾਂ ਵੱਲੋਂ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਐਤਵਾਰ ਨੂੰ ਸਟੇਡੀਅਮ ਵਿਖੇ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ ਸਮਾਰੋਹ ਲਈ ਕੀਤੇ ਸਮੁੱਚੇ ਬੰਦੋਬਸਤ ਦੀ ਸਮੀਖਿਆ ਵੀ ਕੀਤੀ ਗਈ। ਦੋ ਮਹੀਨੇ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ। ਸ਼ਡਿਊਲ ਅਨੁਸਾਰ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਿਲ ਹਨ।

ਜ਼ਿਕਰਯੋਗ ਹੈ ਕਿ ਖੇਡ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ ਹੈ ਅਤੇ ਚਾਹਵਾਨ ਇਸ ਮੰਤਵ ਲਈ ਸਥਾਪਤ ਵਿਸ਼ੇਸ਼ ਪੋਰਟਲ www.punjabkhedmela2022.in ‘ਤੇ ਰਜਿਸਟਰ ਕਰ ਸਕਦੇ ਹਨ ਜਾਂ ਆਫਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਖੇਡ ਦਫ਼ਤਰ ਵਿੱਚ ਪਹੁੰਚ ਕਰ ਸਕਦੇ ਹਨ। ਇਹ ਵੀ ਪੜ੍ਹੋ:ਭਾਰਤ ਭੂਸ਼ਣ ਆਸ਼ੂ ਦੀ ਅੱਜ ਕੋਰਟ 'ਚ ਪੇਸ਼ੀ, ਜਾਇਦਾਦ ਦੀ ਜਾਂਚ ਲਈ ਮੰਗਿਆ ਜਾ ਸਕਦਾ ਰਿਮਾਂਡ -PTC News

Related Post