ਚੰਡੀਗੜ੍ਹ : ਕੈਲੇਫੋਰਨੀਆਂ ਵਿਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਪਰਿਵਾਰ ਦੇ ਚਾਰ ਜੀਆਂ ਦੇ ਹੋਏ ਕਤਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਦਿਆ ਕਿਹਾ ਕਿ ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ ਤੇ ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ @DrSJaishankar ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ।
ਇਸ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ ਤੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਵਿਦੇਸ਼ਾਂ ਵਿਚ ਪੰਜਾਬੀ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਇਸ ਦੁਖਦਾਈ ਘਟਨਾ ਉਤੇ ਅਫਸੋਸ ਪ੍ਰਗਟਾਇਆ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਵੀ ਇਸ ਕਤਲ ਕਾਂਡ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ। ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਹਿਲਾਂ ਅਗਵਾ ਹੋਏ ਚਾਰ ਮਾਸੂਮ ਪੰਜਾਬੀਆਂ ਦੇ ਬੇਰਹਿਮੀ ਨਾਲ ਕਤਲ ਦੀ ਖ਼ਬਰ ਹੈਰਾਨ ਕਰਨ ਵਾਲੀ ਅਤੇ ਬੇਹੱਦ ਦਰਦਨਾਕ ਹੈ।
ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਕੋਈ ਸ਼ਬਦ ਨਹੀਂ ਹੈ। ਸਰਕਾਰਾਂ ਨੂੰ ਇਸ ਸਭ ਤੋਂ ਭੈੜੇ ਸੰਕਟ ਵਿੱਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।
-PTC News
ਇਹ ਵੀ ਪੜ੍ਹੋ : ਸਿੱਖ ਅਜਾਇਬ ਘਰ ਬਲੌਂਗੀ ਨੂੰ ਜ਼ਮੀਨ ਅਲਾਟ ਕਰਨ ਦੀ ਮੰਗ , ਕੈਬਨਿਟ ਮੰਤਰੀ ਨੇ ਦਿੱਤਾ ਭਰੋਸਾ