ਚੰਡੀਗੜ੍ਹ: ਪੰਜਾਬ 'ਚ ਬਿਜਲੀ ਦੇ 300 ਯੂਨਿਟ ਮੁਫ਼ਤ ਦੇ ਐਲਾਨ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ਹੋਰ ਵੱਡੇ ਐਲਾਨ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਿੱਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦਾ ਉਦੇਸ਼ ਪੰਜਾਬ 'ਚ ਦਿੱਲੀ ਮਾਡਲ ਲਾਗੂ ਕਰਨਾ ਹੈ ਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਪਾਉਣ ਦਾ ਹੈ। ਦਿੱਲੀ ਦੇ ਇੱਕ ਹਸਪਤਾਲ ਦਾ ਵੀ ਦੌਰਾ ਕਰਨਗੇ। ਮਾਨ ਦੇ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਵੀ ਹੋਣਗੇ। ਇਸ ਤੋਂ ਇਲਾਵਾ ਦੋਵਾਂ ਵਿਭਾਗਾਂ ਦੇ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਵੀ ਇਸ ਵਿੱਚ ਸ਼ਿਰਕਤ ਕਰਨਗੇ। ਇਹ ਦੌਰਾ ਪਹਿਲਾਂ ਵੀ ਤੈਅ ਕੀਤਾ ਗਿਆ ਸੀ ਪਰ ਪ੍ਰੋਗਰਾਮ ਬਿਨ੍ਹਾਂ ਕੋਈ ਕਾਰਨ ਦੱਸੇ ਮੁਲਤਵੀ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਦਾ ਅਧਿਐਨ ਕਰਨਗੇ। ਇਹ ਵੀ ਪੜ੍ਹੋ: PRTC ਬੱਸ ਤੇ ਕਾਰ ਦੀ ਆਹਮੋ ਸਾਹਮਣੇ ਹੋਈ ਟੱਕਰ, ਕਾਰ ਚਾਲਕ ਦੀ ਮੌਤ ਇਸ ਦੌਰਾਨ ਉਹ ਸਰਕਾਰੀ ਸਕੂਲਾਂ ਵਿੱਚ ਹੋਈਆਂ ਤਬਦੀਲੀਆਂ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਦੇ ਨਾਲ ਹੀ ਉਹ ਮੁਹੱਲਾ ਕਲੀਨਿਕਾਂ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਮਿਲੇਗੀ। ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਹੋਣਗੇ ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਵਾਉਣਗੇ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਬਣਾਇਆ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਦਿੱਲੀ ਪਹੁੰਚੀ ਸੀ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲਾਂ ਨੂੰ ਦੇਖਣ ਲਈ ਆਉਣਗੇ। ਇਸ ਦੇ ਲਈ ‘ਆਪ’ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਮਿਸਾਲ ਦਿੱਤੀ ਸੀ। ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਪੰਜਾਬ ਵਿੱਚ 16,000 ਪਿੰਡ ਅਤੇ ਵਾਰਡ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਨੂੰ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ 'ਤੇ ਬਣਾਇਆ ਜਾਵੇਗਾ। ਸਿਹਤ ਨੂੰ ਲੈ ਕੇ 'ਆਪ' ਨੇ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇ ਨਾਲ-ਨਾਲ ਸਾਰੇ ਸਰਕਾਰੀ ਹਸਪਤਾਲਾਂ ਦੀ ਵਿਵਸਥਾ ਨੂੰ ਸੁਧਾਰਨ ਦਾ ਭਰੋਸਾ ਦਿੱਤਾ ਸੀ। -PTC News