ਭਗਵੰਤ ਮਾਨ ਨੇ MSP 'ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਗਠਿਤ ਘੱਟੋ-ਘੱਟ ਸਮਰਥਨ ਮੁੱਲ (MSP) ਕਮੇਟੀ ਨੂੰ ਲੈ ਕੇ ਕੇਂਦਰ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਭੇਜਿਆ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਐਮਐਸਪੀ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦਿੱਤੀ ਜਾਵੇ। ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਅਧਿਕਾਰਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਸੀਐਮ ਭਗਵੰਤ ਮਾਨ ਨੇ ਲਿਖਿਆ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਪਿਛਲੇ ਇੱਕ ਦਹਾਕੇ ਤੋਂ, ਪੰਜਾਬ ਕੇਂਦਰੀ ਪੂਲ ਵਿੱਚ 35 ਤੋਂ 40% ਚੌਲਾਂ ਅਤੇ 25 ਤੋਂ 30% ਕਣਕ ਦਾ ਯੋਗਦਾਨ ਪਾ ਰਿਹਾ ਹੈ। ਹਰ ਸਾਲ ਦੇਸ਼ ਦੇ 80 ਕਰੋੜ ਲੋਕਾਂ ਨੂੰ ਸਬਸਿਡੀ 'ਤੇ 60-62 ਮਿਲੀਅਨ ਟਨ ਕਣਕ ਅਤੇ ਚੌਲ ਦਿੱਤੇ ਜਾਂਦੇ ਹਨ। ਅਜਿਹੀ ਭਲਾਈ ਸਕੀਮ ਪੰਜਾਬ ਦੇ ਯੋਗਦਾਨ ਨਾਲ ਹੀ ਸੰਭਵ ਹੈ।
ਸੀਐਮ ਭਗਵੰਤ ਮਾਨ ਦਾ ਟਵੀਟ
ਇਸ ਬਾਰੇ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਉਹਨਾਂ ਨੇ ਲਿਖਿਆ," MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomarਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।"