ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਤੇ ਵਿਚਾਰ ਕਰਨ ਲਈ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁੱਝ ਮਹੀਨਿਆਂ ਵਿੱਚ ਮੁਲਾਜ਼ਮ ਪੱਖੀ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਠੇਕੇ ਉਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਲਿਆਂਦੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਨੇ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਉਥੇ ਸਟਾਫ਼ ਦੀ ਘਾਟ ਦੂਰ ਹੋਣ ਨਾਲ ਵਿਭਾਗਾਂ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਹੋ ਸਕੇ।
ਜ਼ਿਕਰਯੋਗ ਹੈ ਕਿ ਸਾਲ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।
ਇਹ ਵੀ ਪੜ੍ਹੋ:ਗੁਰਦਾਸਪੁਰ 'ਚ ਚੋਰਾਂ ਨੇ ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
-PTC News