ਚੰਡੀਗੜ੍ਹ : ਪੰਜਾਬ ਐਡਵੋਕੇਟ ਜਨਰਲ ਅਨਮੋਲ ਰਤਨ ਦੇ ਅਸਤੀਫੇ ਮਗਰੋਂ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਇਸ ਨਾਲ ਪੰਜਾਬ ਦਾ ਏਜੀ ਦਫ਼ਤਰ ਮੁੜ ਵਿਵਾਦਾਂ ਵਿੱਚ ਘਿਰ ਗਿਆ ਹੈ। ਬੀਤੇ ਦਿਨ ਸੋਸ਼ਲ ਮੀਡੀਆ ਉਤੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਦੀਆਂ ਚਰਚਾਵਾਂ ਦਾ ਦੌਰ ਜ਼ੋਰਾਂ ਉਤੇ ਸੀ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਸੀ। ਪੰਜਾਬ ਸਰਕਾਰ ਵੱਲੋਂ ਅਜੇ ਤੱਕ ਵਿਨੋਦ ਘਈ ਨੂੰ ਏਜੀ ਨਿਯੁਕਤ ਕਰਨ ਬਾਰੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਰਮਿਆਨ ਪੰਜਾਬ ਦੇ ਐਡੋਵੇਕਟ ਜਨਰਲ ਬਣਨ ਦੀ ਦੌੜ ਵਿੱਚ ਨਵੇਂ ਨਾਮਾਂ ਦੇ ਸਾਹਮਣੇ ਆਉਣ ਦਾ ਦੌਰ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਏਜੀ ਵਿਨੋਦ ਘਈ ਦੀ ਨਿਯੁਕਤੀ ਨੂੰ ਲੈਕੇ ਵਿਰੋਧੀ ਧਿਰਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੇ ਫ਼ੈਸਲੇ ਦਾ ਜ਼ਬਰਦਸਤ ਵਿਰੋਧ ਕੀਤਾ ਸੀ। ਇਸ ਨਿਯੁਕਤੀ ਨੂੰ ਲੈ ਕੇ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਸੀ। ਹਾਲਾਂਕਿ ਇਸ ਸਭ ਦੇ ਵਿਚਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੋਈ ਵੀ ਨੁਮਾਇੰਦਾ ਅੱਗੇ ਨਹੀਂ ਆਇਆ ਹੈ। ਵਿਨੋਦ ਘਈ ਦੀ ਨਿਯੁਕਤੀ ਨਾ ਕਰਨ ਦੀ ਮੰਗ ਨੂੰ ਲੈ ਕੇ ਬਲਜੀਤ ਦਾਦੂਵਾਲ ਵੀ ਜਲਦ ਹੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਅਨੁਸਾਰ ਵਿਨੋਦ ਘਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਡੀਜੀਪੀ ਸੁਮੇਧ ਸੈਣੀ, ਬਲਾਤਕਾਰ ਮਾਮਲੇ ਵਿੱਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਿੱਲੀ ਤੋਂ ਭਾਜਪਾ ਆਗੂ ਤਜਿੰਦਰ ਬੱਗਾ ਦੇ ਕੇਸ ਵਿੱਚ ਵਕੀਲ ਰਹੇ ਹਨ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਨ੍ਹਾਂ ਨੇ ਹੀ ਜ਼ਮਾਨਤ ਦਿਵਾਈ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਤਕਰੀਬਨ ਚਾਰ ਮਹੀਨੇ ਮਗਰੋਂ ਅਚਨਚੇਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਬੀਤੇ 11 ਮਹੀਨਿਆਂ ਵਿੱਚ ਤਿੰਨ ਐਡਵਕੇਟ ਜਨਰਲ ਬਦਲ ਚੁੱਕੇ ਹਨ। ਕਾਂਗਰਸ ਦੀ ਚੰਨੀ ਸਰਕਾਰ ਵੇਲੇ ਏ.ਪੀ.ਐੱਸ ਦਿਓਲ ਨੂੰ ਐਡਵੋਕੇਟ ਜਨਰਲ ਲਾਇਆ ਗਿਆ ਸੀ ਜਿਨ੍ਹਾਂ ਦਾ ਕਾਰਜਕਾਲ 27 ਸਤੰਬਰ 2021 ਤੋਂ 1 ਨਵੰਬਰ 2021 ਤੱਕ ਰਿਹਾ। ਨਵਜੋਤ ਸਿੱਧੂ ਦੇ ਵਿਰੋਧ ਮਗਰੋਂ ਨਵਾਂ ਐਡਵੋਕੇਟ ਜਨਰਲ ਡੀਐੱਸ ਪਟਵਾਲੀਆ ਨੂੰ ਲਾਇਆ ਗਿਆ ਜੋ 19 ਨਵੰਬਰ 2021 ਤੋਂ 11 ਮਾਰਚ 2022 ਤੱਕ ਆਪਣੇ ਅਹੁਦੇ ਉਪਰ ਰਹੇ। ਅਨਮੋਲ ਰਤਨ ਸਿੱਧੂ ਨੇ 19 ਮਾਰਚ ਨੂੰ ਅਹੁਦਾ ਸੰਭਾਲਿਆ ਸੀ। ਇਹ ਵੀ ਪੜ੍ਹੋ : ਮੀਡੀਆ ਵਿੱਚ ਫੈਲੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੂਚੀ ਇੱਕ ਅਧਿਕਾਰਤ ਦਸਤਾਵੇਜ਼ ਨਹੀਂ