ਕਾਂਗਰਸ ਨੇ ਆਪ੍ਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦੇ ਭਾਜਪਾ 'ਤੇ ਲੱਗੇ ਇਲਜ਼ਾਮਾਂ ਨੂੰ ਕੀਤਾ ਖਾਰਜ
ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਨੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ 'ਤੇ ਆਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦੇ ਲਾਏ ਗਏ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ। ਉਥੇ ਹੀ ਕਾਂਗਰਸ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਸਦਨ ਦੇ ਅੰਦਰ ਇਸ ਮੁੱਦੇ 'ਤੇ ਬੋਲਣਾ ਚਾਹੁੰਦੇ ਸਨ ਪਰ ਸਪੀਕਰ ਵੱਲੋਂ ਉਨ੍ਹਾਂ ਨੂੰ ਮੌਕਾ ਨਹੀਂ ਦਿੱਤਾ ਗਿਆ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਸਦਨ ਦੇ ਅੰਦਰ ਵੀ ਆਪਰੇਸ਼ਨ ਲੋਟਸ 'ਤੇ ਬੋਲਣਾ ਚਾਹੁੰਦੇ ਸਨ, ਪਰ ਸਪੀਕਰ ਵੱਲੋਂ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਪੀਕਰ ਨੂੰ ਸਿੱਧਾ ਦਿੱਲੀ ਤੋਂ ਆਏ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ ਸਨ ਜਿਸ ਤੋਂ ਬਾਅਦ ਮੁੱਦੇ 'ਤੇ ਵਿਰੋਧੀ ਧਿਰ ਨੂੰ ਬੋਲਣ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਲੋਟਸ ਆਪ੍ਰਸ਼ੇਨ ਤਹਿਤ ਕਰੋੜਾ ਦੀ ਪੇਸ਼ਕਸ ਦੇਣ ਵਾਲੀ ਗੱਲ ਝੂਠੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਸੁਖਨਾ ਝੀਲ 'ਚ ਅਪਰੇਸ਼ਨ ਲੋਟਸ ਦੀ ਪੇਸ਼ਕਸ਼ ਕੀਤੀ ਗਈ ਸੀ। ਬਾਜਵਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੱਲ ਬੜੀ ਹਾਸੋਹੀਣੀ ਹੈ।
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਆਪਰੇਸ਼ਨ ਲੋਟਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਵਿਜੀਲੈਂਸ ਸ਼ਿਕਾਇਤ ਦੇ ਜਵਾਬ ਵਿੱਚ ਕਿਹਾ ਕਿ ਭਾਜਪਾ ਇਸ ਮਾਮਲੇ ਦੀ ਢੁੱਕਵੀਂ ਜਾਂਚ ਦਾ ਸਵਾਗਤ ਕਰੇਗੀ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਦੇ ਚੁੱਕਣ ਹੀ ਨਹੀਂ ਦਿੱਤੇ। ਉਨ੍ਹਾਂ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਲੋਟਸ ਦਾ ਕੋਈ ਪੁਖਤਾ ਸਬੂਤ ਨਹੀਂ ਹੈ ਇਸ ਕਰਕੇ ਇਹ ਹਵਾ ਵਿੱਚ ਗੱਲਾਂ ਕਰ ਰਹੇ ਹਨ।