ਚੰਡੀਗੜ੍ਹ: ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਉਹ ਹਾਲ ਹੀ ਵਿੱਚ ਹੋਈਆਂ ਰਾਜ ਚੋਣਾਂ ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਵਲੋਂ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਗਿਆ। ਬਾਜਵਾ ਨੇ 16ਵੀਂ ਪੰਜਾਬ ਵਿਧਾਨ ਸਭਾ ਲਈ ਆਪਣੀ ਚੋਣ ਦਾ ਹਵਾਲਾ ਦਿੰਦੇ ਹੋਏ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਕਿ ਪਿਛਲੇ 6 ਸਾਲਾਂ ਦੌਰਾਨ ਮੈਨੂੰ ਸਦਨ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਵਿਧਾਨ ਸਭਾ ਚੋਣਾਂ 'ਚ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਜਿੱਤੇ ਹਨ। ਪ੍ਰਤਾਪ ਸਿੰਘ ਬਾਜਵਾ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸਨ। ਇਹ ਵੀ ਪੜ੍ਹੋ: ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਵਜੋਂ ਸੰਧਵਾਂ ਦੇ ਨਾਮ ਦੀ ਤਜਵੀਜ਼ ਰੱਖੀ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਿਆ ਗਿਆ। ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ। -PTC News