'ਆਪ' ਦੇ ਨਿਸ਼ਾਨੇ 'ਤੇ ਕਾਂਗਰਸ ਦੇ ਵੱਡੇ ਦਿੱਗਜ਼, ਜਾਣੋ ਕੌਣ ਹੈ ਇਸ ਸੂਚੀ 'ਚ ਸ਼ਾਮਿਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਐਕਸ਼ਨ ਮੋਡ ਵਿੱਚ ਹਨ। 'ਆਪ' ਸਰਕਾਰ ਨੇ ਪਿਛਲੀ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੀਆਂ ਫਾਈਲਾਂ ਨੂੰ ਖੋਲ੍ਹ ਲਿਆ ਹੈ। ਮਾਨ ਸਰਕਾਰ ਨੇ ਜੰਗਲਾਤ ਘੁਟਾਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਤੋਂ ਬਾਅਦ ਟੈਂਡਰ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵੀ ਗਰਾਂਟਾਂ ਦੀ ਵੰਡ ਨੂੰ ਲੈ ਕੇ ਸਰਕਾਰ ਦੇ ਨਿਸ਼ਾਨੇ ਉੱਤੇ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਓਪੀ ਸੋਨੀ ਵੀ ਜਲਦ ਜਾਂਚ ਦੇ ਘੇਰੇ ਵਿੱਚ ਆਉਣਗੇ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਪਰ ਕੋਰਟ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ। ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮਾਨ ਸਰਕਾਰ ਦੇ ਨਿਸ਼ਾਨੇ ਉੱਤੇ ਹਨ। ਧਿਆਨਯੋਗ ਹੈ ਕਿ ਬੀਤੇ ਦਿਨਾਂ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 150 ਕਰੋੜ ਦੇ ਮਸ਼ੀਨਰੀ ਘੁਟਾਲੇ ਦਾ ਖੁਲਾਸਾ ਕੀਤਾ ਸੀ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਮਸ਼ੀਨਾਂ ਨੂੰ ਸਹੀ ਢੰਗ ਨਾਲ ਵੰਢਣ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ। ਫਿਲਹਾਲ ਇਸ ਘੁਟਾਲੇ ਦੀ ਜਾਂਚ ਦੇ ਘੇਰੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਰਹਿਣਗੇ। ਕੈਬਨਿਟ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ 150 ਕਰੋੜ ਨੂੰ ਰਿਕਵਰ ਕਰੇਗੀ ਅਤੇ ਜਾਂਚ ਵਿੱਚ ਜ਼ਿੰਮੇਵਾਰ ਲੋਕਾਂ ’ਤੇ ਐਕਸ਼ਨ ਲਵੇਗੀ। ਇਹ ਵੀ ਪੜ੍ਹੋ:ਬੀਜੇਪੀ ਆਗੂ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ -PTC News