BSF ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਵਿਸ਼ੇਸ਼ ਚਰਚਾ
ਚੰਡੀਗੜ੍ਹ: ਬੀਐਸਐਫ ਦੇ ਡਾਇਰੈਕਟਰ ਜਨਰਲ ਨੇ ਐਤਵਾਰ ਨੂੰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨੂੰ ਸੂਬੇ ਦੀਆਂ ਸਰਹੱਦਾਂ 'ਤੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਵਧਾਉਣ ਲਈ ਪ੍ਰੇਰਿਤ ਕੀਤਾ।
ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮੱਦੇਨਜ਼ਰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ ਅਤੇ ਪ੍ਰਭੂਸੱਤਾ ਲਈ ਗੰਭੀਰ ਖਤਰਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਕਿਉਂਕਿ ਪੰਜਾਬ ਵਿਚ ਇਕ ਔਂਸ ਵੀ ਨਸ਼ਾ ਪੈਦਾ ਨਹੀਂ ਹੁੰਦਾ ਪਰ ਕਿਉਂਕਿ ਸੂਬਾ ਨਸ਼ਿਆਂ ਦੀ ਸਪਲਾਈ ਦੇ ਟਰਾਂਜ਼ਿਟ ਰੂਟ 'ਤੇ ਹੈ, ਇਸ ਲਈ ਦੇਸ਼ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਜੂਝ ਰਿਹਾ ਹੈ।