ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

By  Riya Bawa March 9th 2022 02:48 PM -- Updated: March 9th 2022 04:23 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਜਥੇ ਜੂਨ 2022 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2022 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ। ਸਕੱਤਰ ਸ. ਆਹਲੀ ਨੇ ਕਿਹਾ ਕਿ ਸ਼ਰਧਾਲੂ ਜਾਣਕਾਰੀ ਪ੍ਰਾਪਤ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ 0183-2553957, 58 ਅਤੇ 59 ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। -PTC News

Related Post