ਮੋਗਾ ਜ਼ਿਲ੍ਹੇ ਦੇ ਪਿੰਡ ਭਲੂਰ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਮੋਗਾ : ਪੰਜਾਬ ਵਿੱਚ ਕਰਜ਼ੇ ਤੋਂ ਤੰਗ ਆ ਕੇ ਲਗਾਤਾਰ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਮੋਗਾ ਜ਼ਿਲ੍ਹੇ ਵਿੱਚ ਇਕ ਹੋਰ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਭਲੂਰ ਦੇ ਪਨਤਾਲੀ ਸਾਲਾ ਕਿਸਾਨ ਰਣਜੀਤ ਸਿੰਘ ਘੁਮਾਣ ਪੁੱਤਰ ਬਲਵੀਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਰਣਜੀਤ ਸਿੰਘ ਦੇ ਸਿਰ ਬੈਂਕ ਅਤੇ ਲਿਮਟ ਦਾ 30 ਲੱਖ ਅਤੇ ਆੜ੍ਹਤੀਆਂ ਤੇ ਦੁਕਾਨਦਾਰਾਂ ਦਾ 50 ਲੱਖ ਜੋ ਕਿ ਕੁੱਲ 80 ਲੱਖ ਦੇ ਕਰੀਬ ਬਣਦਾ ਹੈ। ਕਰਜ਼ਾ ਦਾ ਬੋਝ ਹੋਣ ਕਾਰਨ ਉਸ ਦਾ ਭਰਾ ਮਾਨਸਿਕ ਤੌਰ ਉਤੇ ਪਰੇਸ਼ਾਨ ਰਹਿੰਦਾ ਸੀ। ਉਹ ਪਰਿਵਾਰ ਦੇ ਪਾਲਣ-ਪੋਸ਼ਣ ਨੂੰ ਲੈ ਕੇ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸ ਤੋਂ ਇਲਾਵਾ ਕਰਜ਼ਾ ਨਾ ਉਤਰਨ ਕਾਰਨ ਕਾਫੀ ਦੁਖੀ ਸੀ। ਆਖਰ ਉਸ ਨੇ ਬੀਤੀ ਰਾਤ ਆਪਣੇ ਘਰ ਵਿੱਚ ਪਈ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਕਾਰਨ ਉਸ ਭਰਾ ਦੀ ਹਾਲਤ ਗੰਭੀਰ ਬਣ ਗਈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕੀਤਾ ਤੇ ਆਖਰ ਉਸ ਨੇ ਦਮ ਤੋੜ ਦਿੱਤਾ। ਮੋਗਾ ਪੁਲਿਸ ਨੇ ਦੇਰ ਰਾਤ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਇਲਾਕਾ ਵਾਸੀਆਂ ਨੇ ਪੀੜਤ ਕਿਸਾਨ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਿਸਾਨ ਕਾਫੀ ਜ਼ਿਆਦਾ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਏ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ ਕਰੇ। ਇਹ ਵੀ ਪੜ੍ਹੋ : ਰੂਸ-ਯੂਕਰੇਨ ਜੰਗ ਦਰਮਿਆਨ ਮੋਦੀ ਤੇ ਬਾਇਡਨ ਅੱਜ ਕਰਨਗੇ ਵਰਚੂਅਲ ਮੀਟਿੰਗ