ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ : ਐਡਵੋਕੇਟ ਧਾਮੀ

By  Pardeep Singh April 5th 2022 08:15 PM -- Updated: April 5th 2022 08:18 PM

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇੰਨਸਾਫ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ: ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁੱਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਸ. ਬਲਵੰਤ ਸਿੰਘ ਰਾਜੋਆਣਾ ਅਤੇ ਸ. ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਦਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ। ਇਹ ਵੀ ਪੜ੍ਹੋ:ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਮੰਡੀਆਂ ਦੀ ਲਗਾਤਾਰ ਚੈਕਿੰਗ ਦੇ ਆਦੇਸ਼ -PTC News

Related Post