ਰੋਜ਼ਾਨਾ ਝੂਠੇ ਇਸ਼ਤਿਹਾਰਾਂ ’ਤੇ 2 ਕਰੋੜ ਰੁਪਏ ਖਰਚ ਕਰਨ ਦੀ ਥਾਂ ਕਿਸਾਨਾਂ ਤੇ ਡੇਅਰੀ ਮਾਲਕਾਂ ਨੂੰ ਮੁਆਵਜ਼ਾ ਦੇਵੇ ਸਰਕਾਰ: ਮਜੀਠੀਆ

By  Jasmeet Singh September 30th 2022 08:36 PM

ਚੰਡੀਗੜ੍ਹ, 30 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ ਲੰਪੀ ਚਮੜੀ ਰੋਗ ਕਾਰਨ ਡੇਅਰੀ ਮਾਲਕਾਂ ਦੇ ਹੋਏ ਨੁਕਸਾਨ ਦਾ ਉਹਨਾਂ ਨੂੰ ਮੁਆਵਜ਼ਾ ਦੇਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਆਰ.ਟੀ.ਆਈ ਰਾਹੀਂ ਹੈਰਾਨੀਜਨਕ ਖੁਲ੍ਹਾਸੇ ਹੋਏ ਹਨ ਕਿ ਸਰਕਾਰ ਰੋਜ਼ਾਨਾ 2 ਕਰੋੜ ਰੁਪਏ ਆਪਣੀਆਂ ਪ੍ਰਾਪਤੀਆਂ ਦੇ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰ ਰਹੀ ਹੈ ਜਦੋਂ ਕਿ ਜ਼ਮੀਨੀ ਪੱਧਰ ’ਤੇ ਕੱਖ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਸਭ ਕੁਝ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਜਿਥੇ ਆਉਂਦੇ ਮਹੀਨਿਆਂ ਵਿੱਚ ਚੋਣਾਂ ਹੋਣੀਆਂ ਹਨ। ਉਹਨਾਂ ਕਿਹਾ ਕਿ ਇਹ ਸਿਰਫ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਹੈ ਜਿਥੋਂ ਦਾ ਜਨਤਕ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਬਲਕਿ ਇਹ ਉਹਨਾਂ ਦੋ ਰਾਜਾਂ ਦੇ ਲੋਕਾਂ ਨਾਲ ਵੀ ਧੋਖਾ ਹੈ ਜਿਥੇ ਆਪ ਕਨਵੀਨਰ ਹਰ ਹਾਲਤ ਵਿਚ ਚੋਣਾਂ ਜਿੱਤਣਾ ਚਾਹੁੰਦੇ ਹਨ। ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਗਵੰਤ ਮਾਨ ਨੂੰ ਆਪਣੇ ਸੂਬੇ ਦੇ ਲੋਕਾਂ ਦੀ ਭਲਾਈ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾਅਵੇ ਤਾਂ ਇਹ ਕਰਦੇ ਹਨ ਕਿ ਉਹ ਪੰਜਾਬੀਆਂ ਦੇ ਇਕ ਇਕ ਪੈਸੇ ਦਾ ਹਿਸਾਬ ਰੱਖਣਗੇ ਪਰ ਅਸਲ ਵਿੱਚ ਉਹ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਕੰਗਾਲ ਕਰਨ ਦੇ ਰਾਹ ਪਏ ਹੋਏ ਹਨ। ਉਹਨਾਂ ਕਿਹਾ ਕਿ ਭਲਾਈ ਰਾਜ ਦਾ ਵਿਚਾਰ ਭਗਵੰਤ ਮਾਨ ਸਰਕਾਰ ਨੇ ਕੂੜੇ ਦੇ ਡੱਬੇ ਵਿੱਚ ਸੁੱਟ ਦਿੱਤਾ ਹੈ ਤੇ ਇਹੀ ਕਾਰਨ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ, ਨਾ ਆਪਣੇ ਦੁਧਾਰੂ ਪਸ਼ੂ ਲੰਪੀ ਚਮੜੀ ਰੋਗ ਕਾਰਨ ਗੁਆਉਣ ਵਾਲੇ ਡੇਅਰੀ ਮਾਲਕਾਂ ਨੂੰ ਕੋਈ ਮੁਆਵਜ਼ਾ ਦਿੱਤਾ ਤੇ ਨਾ ਹੀ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੇ 1500 ਰੁਪਏ ਪ੍ਰਤੀ ਏਕੜ ਦੇ ਵਾਅਦੇ ਮੁਤਾਬਕ ਅਦਾਇਗੀ ਕੀਤੀ ਤੇ ਨਾ ਹੀ ਪਰਾਲੀ ਸਾੜਨ ਤੋਂ ਰੋਕਣ ਵਾਸਤੇ 2500 ਰੁਪਏ ਪ੍ਰਤੀ ਏਕੜ ਦਿੱਤੇ। ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਾਲੇ ਵੀ ਕੇਜਰੀਵਾਲ ਦੇ ਅਸਲ ਮਿਸ਼ਨ ਨੂੰ ਸਮਝਣ ਤੇ ਉਹਨਾਂ ਦੀ ਮਨਮਰਜ਼ੀ ਮੁਤਾਬਕ ਸੂਬੇ ਦਾ ਪੈਸਾ ਬਰਬਾਦ ਨਾ ਕਰਨ ਤੇ ਆਪਣੇ ਰਾਜ ਦੇ ਉਹਨਾਂ ਲੋਕਾਂ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਜਿਹਨਾਂ ਨੇ ਉਹਨਾਂ ਨੂੰ ਵੱਡਾ ਫਤਵਾ ਦਿੱਤਾ ਹੈ। -PTC News

Related Post