ਚੰਡੀਗੜ੍ਹ : ਪੰਜਾਬ ਦੇ ਡਰੱਗ ਰੈਕੇਟ ਦੇ ਵੱਡੇ ਦੋਸ਼ੀ ਸਾਬਕਾ ਡੀਐੱਸਪੀ ਜਗਦੀਸ਼ ਭੋਲਾ ਨੂੰ ਵੱਡਾ ਝਟਕਾ ਦਿੰਦੇ ਹੋਏ ਹਾਈ ਕੋਰਟ ਨੇ ਅੱਜ ਉਸ ਦੀ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਗਦੀਸ਼ ਭੋਲਾ ਨੂੰ ਪਹਿਲਾਂ ਹੀ ਨਸ਼ਾ ਤਸਕਰੀ ਅਤੇ ਅਸਲਾ ਐਕਟ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਸਜ਼ਾ ਵਿਰੁੱਧ ਭੋਲਾ ਦੀ ਅਪੀਲ ਹਾਲੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਪਰ ਭੋਲਾ ਖਿਲਾਫ 2013 ਵਿੱਚ ਈ.ਡੀ. ਉਤੇ ਵੀ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ ਜਿਸ ਦਾ ਮਾਮਲਾ ਮੋਹਾਲੀ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਇਸੇ ਮਾਮਲੇ ਵਿੱਚ ਭੋਲਾ ਨੇ ਹੁਣ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਉਤੇ ਹਾਈ ਕੋਰਟ ਨੇ ਪਿਛਲੇ ਸਾਲ ਦਸੰਬਰ ਵਿੱਚ ਉਸ ਦੀ ਜ਼ਮਾਨਤ ਪਟੀਸ਼ਨ ਉਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਉਸ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਖ਼ਿਲਾਫ਼ ਡਰੱਗ ਤਸਕਰੀ ਤੇ ਆਰਮਜ਼ ਐਕਟ ਤਹਿਤ ਮੋਹਾਲੀ ਦੀ ਵਿਸ਼ੇਸ਼ ਅਦਾਲਤ ਉਸ ਨੂੰ ਦੋਸ਼ੀ ਕਰਾਰ ਦੇ ਕੇ 24 ਸਾਲਾਂ ਦੀ ਕੈਦ ਦੀ ਸਜ਼ਾ ਸੁਣਾ ਚੁੱਕੀ ਹੈ। ਸਜ਼ਾ ਦੇ ਇਸ ਫ਼ੈਸਲੇ ਨੂੰ ਭੋਲਾ ਹਾਈ ਕੋਰਟ 'ਚ ਚੁਣੌਤੀ ਦੇ ਚੁੱਕਾ ਹੈ। ਇਸ ਮਾਮਲੇ 'ਚ ਭੋਲਾ ਦੀ ਅਪੀਲ ਫ਼ਿਲਹਾਲ ਹਾਈ ਕੋਰਟ 'ਚ ਵਿਚਾਰ-ਅਧੀਨ ਹੈ। ਜਗਦੀਸ਼ ਭੋਲਾ ਪੰਜਾਬ ਪੁਲਿਸ ਵਿੱਚ ਡੀਐਸਪੀ ਰਹਿ ਚੁੱਕੇ ਹਨ ਅਤੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕਰ ਚੁੱਕੇ ਹਨ। ਐਨਡੀਪੀਐਸ ਦੇ ਕਈ ਮਾਮਲਿਆਂ ਵਿੱਚ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਫਆਈਆਰ ਦਰਜ ਹੈ ਅਤੇ ਸਜ਼ਾ ਵੀ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਜਗਦੀਸ਼ ਭੋਲਾ ਨੇ ਹੇਠਲੀ ਅਦਾਲਤ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੋਂ ਪਟੀਸ਼ਨ ਖਾਰਜ ਹੋ ਗਈ ਸੀ, ਜਿਸ ਤੋਂ ਬਾਅਦ ਉਸ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ। ਇਹ ਵੀ ਪੜ੍ਹੋ : ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਅੱਜ, ਸੁਨੀਲ ਜਾਖੜ 'ਤੇ ਹੋਵੇਗੀ ਕਾਰਵਾਈ!