ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 18 ਮਈ 2022 ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੇਸ਼ੱਕ ਅਜੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੁਲਿਸ ਨੇ ਮੋਹਾਲੀ ਬੰਬ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਤਰਾਂ ਅਨੁਸਾਰ ਮਾਨ ਨੇ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਮੰਗਣ ਲਈ ਅੱਜ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਵੀ ਬੁਲਾਈ ਹੈ। ਮਾਨ ਨੇ ਅੱਜ ਟਵਿੱਟਰ 'ਤੇ ਲਿਖਿਆ "ਮੋਹਾਲੀ ਵਿੱਚ ਹੋਏ ਧਮਾਕੇ ਦੀ ਪੁਲਿਸ ਜਾਂਚ ਕਰ ਰਹੀ ਹੈ। ਸਾਡੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।" ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰੋਜਾਨਾ ਨਵੇਂ ਐਲਾਨ ਕਰ ਰਹੀ ਹੈ। ਇਸ ਦੌਰਾਨ ਇਨ੍ਹਾਂ ਐਲਾਨਾਂ ਵਿੱਚ ਕਈਆਂ ਉੱਪਰ ਅਜੇ ਕੈਬਨਿਟ ਦੀ ਮੋਹਰ ਲੱਗਣੀ ਬਾਕੀ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈ ਸਕਦੀ ਹੈ। -PTC News